ਫ਼ਰੀਦਕੋਟ: ਜ਼ਿਲ੍ਹੇ ਵਿੱਚ ਭਾਜਪਾ ਤੇ ਭਾਜਪਾ ਯੂਵਾ ਮੋਰਚਾ ਵੱਲੋਂ ਸਾਂਝੇ ਤੌਰ 'ਤੇ ਪੰਜਾਬ ਦੇ ਇੱਕ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਦਲਿਤ ਵਿਦਿਆਰਥੀਆਂ ਦੀ ਪੋਸਟ ਗ੍ਰੈਜੁਏਟ ਸਕਾਲਰਸ਼ਿਪ ਸਕੀਮ ਵਿੱਚ ਕਰੋੜਾਂ ਰੁਪਏ ਦੇ ਘੋਟਾਲੇ ਨੂੰ ਲੈ ਕੇ ਭਾਜਪਾ ਵੱਲੋਂ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ ਗਈ।
ਕਰੀਬ 3 ਸਾਲ ਤੋਂ ਪੰਜਾਬ ਦੇ ਦਲਿਤ ਵਿਦਿਆਰਥੀਆਂ ਨੂੰ ਪੋਸਟ ਗ੍ਰੈਜੂਏਟ ਸਕਾਲਰਸ਼ਿਪ ਸਕੀਮ ਵਿੱਚ ਘੋਟਾਲੇ ਨੂੰ ਲੈ ਕੇ ਭਾਜਪਾ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰੋਸ ਪ੍ਰਦਰਸ਼ਨ ਕਰਦਿਆਂ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਵਿਜੈ ਛਾਬੜਾ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਪਿਛਲੇ ਲੰਬੇ ਸਮੇਂ ਤੋਂ ਦਲਿਤ ਲੋਕਾਂ ਦੀਆਂ ਵੋਟਾਂ ਨੂੰ ਲੈ ਕੇ ਦੇਸ਼ 'ਤੇ ਰਾਜ ਕਰਦੀ ਆਈ ਹੈ। ਹੁਣ ਇਹ ਸਰਕਾਰ ਗ਼ਰੀਬਾਂ ਨਾਲ ਹੀ ਖਿਲਵਾੜ ਕਰਨ 'ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਗ਼ਰੀਬਾਂ ਦੀ ਸਕਾਲਰਸ਼ਿਪ ਸਕੀਮ ਹੜੱਪ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।