ਫ਼ਰੀਦਕੋਟ: ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਅਧਾਰ 'ਤੇ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ, ਉੱਥੇ ਹੀ, ਹੁਣ ਵੱਖ ਵੱਖ ਸਿੱਖ ਜਥੇਬੰਦੀਆਂ ਵੀ ਬਹਿਬਲ ਕਲਾਂ ਕਾਂਡ ਦੇ ਮੁੱਖ ਗਵਾਹ ਰਹੇ ਮ੍ਰਿਤਕ ਸੁਰਜੀਤ ਸਿੰਘ ਦੇ ਪਰਿਵਾਰ ਦੇ ਨਾਲ ਆ ਖੜ੍ਹੀਆਂ ਹਨ। ਸ਼ੁਕਰਵਾਰ ਨੂੰ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਸਾਂਝੇ ਤੌਰ 'ਤੇ ਇਕ ਮੰਗ ਪੱਤਰ ਫ਼ਰੀਦਕੋਟ ਤੋਂ ਜ਼ਿਲ੍ਹਾ ਪੁਲਿਸ ਮੁਖੀ ਅਤੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਮਾਮਲੇ ਵਿੱਚ ਸਹੀ ਤੇ ਪਾਰਦਰਸ਼ੀ ਤਰੀਕੇ ਨਾਲ ਜਲਦ ਜਾਂਚ ਮੁਕੰਮਲ ਕੀਤੀ ਜਾਵੇ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।
ਇਸ ਮੌਕੇ ਗੱਲਬਾਤ ਕਰਦਿਆਂ ਸਿੱਖ ਜਥੇਬੰਦੀਆਂ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਮਾਮਲੇ ਵਿੱਚ ਉਹ ਫ਼ਰੀਦਕੋਟ ਐਸਐਸਪੀ ਅਤੇ ਡੀਸੀ ਨੂੰ ਮਿਲੇ ਹਨ ਅਤੇ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਪਾਰਦਰਸ਼ਤਾ ਨਾਲ ਜਾਂਚ ਕਰ ਸੱਚ ਸਾਹਮਣੇ ਲਿਆਂਦਾ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।