ਫ਼ਰੀਦਕੋਟ: 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਗਏ ਦੋ ਸਿੱਖਾਂ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ ਬਹਿਬਲ ਕਲਾਂ ਦੇ ਗੁਰਦੁਆਰਾ ਟਿੱਬੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸ਼ਹੀਦੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਤੇ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰਾਜਸੀ ਪਾਰਟੀਆਂ ਦੇ ਕਈ ਆਗੂਆਂ ਨੇ ਵੀ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਸਪੁੱਤਰ ਸੁਖਰਾਜ ਸਿੰਘ ਨੇ ਕਿਹਾ ਕਿ ਪੰਜ ਸਾਲ ਹੋ ਗਏ ਹਨ ਜਦ ਸ਼ਾਂਤਮਈ ਤਰੀਕੇ ਨਾਲ ਗੁਰੂ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ਼ ਲੈਣ ਲਈ ਬੈਠੀ ਸੰਗਤ ਉੱਤੇ ਪੁਲਿਸ ਨੇ ਤਸ਼ੱਦਦ ਢਾਇਆ ਸੀ ਅਤੇ ਪੁਲਿਸ ਨੇ ਇਸ ਤਸ਼ਦੱਦ ਵਿੱਚ ਉਸ ਦੇ ਪਿਤਾ ਅਤੇ ਇਕ ਹੋਰ ਸਿੱਖ ਨੌਜਵਾਨ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹਾਲੇ ਵੀ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਪਰ ਬੀਤੇ ਕਰੀਬ ਡੇਢ ਸਾਲ ਤੋਂ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਜੋ ਸਹੀ ਦਿਸ਼ਾ ਵਿੱਚ ਜਾਂਚ ਕੀਤੀ ਜਾ ਰਹੀ ਹੈ ਉਸ ਤੋਂ ਇਨਸਾਫ ਦੀ ਉਮੀਦ ਬੱਝੀ ਹੈ।
ਉਨ੍ਹਾਂ ਕਿਹਾ ਕਿ ਇਸੰਪੈਕਟਰ ਪ੍ਰਦੀਪ ਦੇ ਗਵਾਹ ਬਣਨ ਨਾਲ ਬਹਿਬਲ ਕਲਾਂ ਵਿੱਚ ਆਈ.ਜੀ ਉਮਰਾਨੰਗਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਨਾਮਜ਼ਦ ਕੀਤਾ ਗਿਆ ਜੋ ਕਿ ਐਸਆਈਟੀ ਦੀ ਬਹੁਤ ਵੱਡੀ ਪ੍ਰਾਪਤੀ ਹੈ।
ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਮਾੜਾ ਘਟਨਾਕ੍ਰਮ ਵਾਪਰਿਆ ਪਰ ਸਰਕਾਰ ਸਿੱਖਾਂ ਨੂੰ ਇਨਸਾਫ਼ ਨਹੀਂ ਦੇ ਸਕੀ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਸਰਕਾਰ ਵਿੱਚ ਅੱਧਾ ਅਧੂਰਾ ਇਨਸਾਫ਼ ਮਿਲਿਆ ਹੈ ਪਰ ਸਿੱਖ ਕੌਮ ਨੂੰ ਅੱਧਾ ਅਧੂਰਾ ਇਨਸਾਫ਼ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਜੋ ਲੋਕ ਬੇਅਦਬੀ ਅਤੇ ਗੋਲੀ ਕਾਂਡ ਵਿੱਚ ਨਾਮਜ਼ਦ ਹੋ ਚੁੱਕੇ ਹਨ ਜਿਨ੍ਹਾਂ ਦੀ ਪਛਾਣ ਹੋ ਚੁੱਕੀ ਹੈ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਪ੍ਰੋਟੈਕਸ਼ਨ ਵਾਰੰਟ ਉੱਤੇ ਲਿਆ ਕੇ ਉਸ ਤੋਂ ਵੀ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਇਹ ਨਾ ਸਮਝੇ ਕਿ ਬਰਗਾੜੀ ਮੋਰਚਾ ਸਮਾਪਤ ਹੋ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕੌਮ ਨੂੰ ਜਲਦ ਪੂਰਾ ਇਨਸਾਫ ਨਾ ਮਿਲਿਆ ਤਾਂ ਕੌਮ ਪੂਰੀ ਤਰ੍ਹਾਂ ਤਿਆਰ ਹੈ ਅਤੇ ਮੋਰਚਾ ਕਿਸੇ ਵੀ ਵੇਲੇ ਲੱਗ ਸਕਦਾ ਹੈ।
ਅਦਾਕਾਰ ਦੀਪ ਸਿੱਧੂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਤੋਂ ਬਰਗਾੜੀ ਬੇਅਦਬੀ ਕਾਂਡ ਅਤੇ ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਦਾ ਪੰਜ ਸਾਲ ਤੱਕ ਇਨਸਾਫ ਨਾ ਮਿਲਣਾ, ਸਰਕਾਰਾਂ ਦੀ ਉਸ ਮਾਨਸਿਕਤਾ ਨੂੰ ਦਰਸਾਉਂਦਾ ਹੈ ਜੋ ਲੋਕਾਂ ਨੂੰ ਦਬਾ ਕੇ ਰੱਖਣਾ ਚਾਹੁੰਦੀ ਹੈ ਅਤੇ ਜੋ ਸਰਕਾਰ ਦਾ ਅਸਲ ਏਜੰਡਾ ਹੈ।