ਫਰੀਦਕੋਟ : ਬੀਤੀ 18 ਫਰਵਰੀ ਨੂੰ ਹੋਏ ਕਾਂਗਰਸੀ ਆਗੂ ਗੁਰਲਾਲ ਭਲਵਾਨ ਦੇ ਕਤਲ ਮਾਮਲੇ ਵਿੱਚ ਫਰੀਦਕੋਟ ਪੁਲਿਸ ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। 18 ਫਰਵਰੀ ਨੂੰ ਗੁਰਲਾਲ ਭਲਵਾਨ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਕਤਲ ਦੀ ਜਿੰਮੇਵਾਰੀ ਲਈ ਸੀ।
ਇਸ ਸਬੰਧੀ ਪੁਲਿਸ ਨੇ CJM ਫਰੀਦਕੋਟ ਮਾਨਯੋਗ ਹਰਵਿੰਦਰ ਸਿੰਘ ਸਿੰਧੀਆ ਦੀ ਅਦਾਲਤ ਵਿੱਚ ਅਰਜ਼ੀ ਦਾਖਲ ਕਰ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਲਿਆਉਣ ਦੀ ਮੰਗ ਕੀਤੀ ਸੀ।
ਗੁਰਲਾਲ ਭਲਵਾਨ ਕਤਲ ਮਾਮਲਾ: ਪੁਲਿਸ ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਕਰੇਗੀ ਪੁੱਛਗਿਛ ਅਦਾਲਤ ਨੇ ਪੁਲਿਸ ਦੀ ਅਰਜ਼ੀ ਪ੍ਰਵਾਨ ਕਰਦਿਆਂ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ ਅਤੇ ਉਸ ਨੂੰ 17 ਮਾਰਚ ਤੱਕ ਫਰੀਦਕੋਟ ਲਿਆਉਣ ਦੇ ਆਦੇਸ਼ ਦਿੱਤੇ ਹਨ। ਫਿਲਹਾਲ ਉਹ ਅਜਮੇਰ ਜੇਲ੍ਹ ਵਿਚ ਨਜ਼ਰਬੰਦ ਹੈ। ਇਸੇ ਤਰ੍ਹਾਂ ਦਿੱਲੀ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਨੌਜਵਾਨ ਗੁਰਵਿੰਦਰ ਸਿੰਘ, ਸੌਰਵ ਵਰਮਾ ਅਤੇ ਸੁਖਵਿੰਦਰ ਸਿੰਘ ਨੂੰ ਅਦਾਲਤ ਨੇ 25 ਮਾਰਚ ਤੱਕ ਜੁਡੀਸ਼ੀਅਲ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।
ਦੱਸ ਦਈਏ ਕਿ ਫ਼ਰੀਦਕੋਟ ਪੁਲਿਸ ਨੇ ਬੀਤੇ ਦਿਨੀਂ ਪ੍ਰੈੱਸ ਕਾਨਫ਼ਰੰਸ ਕਰ ਕੇ ਦਾਅਵਾ ਕੀਤਾ ਸੀ ਕਿ ਮ੍ਰਿਤਕ ਗੁਰਲਾਲ ਭਗਵਾਨ ਗੈਂਗਸਟਰਾਂ ਨੂੰ ਲੋਕਾਂ ਕੋਲੋਂ ਫਿਰੌਤੀਆਂ ਵਸੂਲਣ ਤੋਂ ਵਰਜਦਾ ਸੀ ਜੋ ਗੈਂਗਸਟਰਾਂ ਨੂੰ ਰਾਸ ਨਹੀਂ ਸੀ ਆ ਰਿਹਾ। ਇਸ ਕਰ ਕੇ ਗੁਰਲਾਲ ਭਗਵਾਨ ਦਾ ਕਤਲ ਕਰ ਦਿੱਤਾ ਗਿਆ ਸੀ ਤੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਪਾ ਕੇ ਕਤਲ ਦੀ ਜ਼ਿੰਮੇਵਾਰੀ ਲਈ ਸੀ।