ਫਰੀਦਕੋਟ: ਜ਼ਿਲ੍ਹੇ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੇਸਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਿੰਸੀਪਲ ਦਫਤਰ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਇੱਕ ਪਾਸੇ ਘਰ-ਘਰ ਰੁਜਗਾਰ ਦੇਣ ਦਾ ਨਾਅਰਾ ਲਗਾ ਕੇ ਨੋਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਵਿੱਚ ਧੱਕੇ ਖਾਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਜਿਹੜੇ ਨੋਜਵਾਨ ਮੁਲਾਜ਼ਮ ਸਰਕਾਰੀ ਕਾਲਜਾਂ ਵਿੱਚ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰਕੇ ਸਰਕਾਰੀ ਕਾਲਜਾਂ ਨੂੰ ਸਾਂਭੀ ਬੈਠੇ ਸਨ, ਉਨ੍ਹਾਂ ਨੂੰ ਵੀ ਰੁਜ਼ਗਾਰ ਤੋਂ ਵਾਝਾਂ ਕਰਨ ਲਈ ਸਰਕਾਰੀ ਕਾਲਜਾਂ ਵਿਚ ਨਵੀਆਂ ਅਸਾਮੀਆਂ ਭਰਨ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।
ਪ੍ਰਦਰਸ਼ਨਕਾਰੀ ਪ੍ਰੋਫੇਸਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ ਘਰ ਰੁਜ਼ਗਾਰ ਸਕੀਮ ਦੀ ਆੜ ਵਿਚ 18-20 ਸਾਲਾਂ ਤੋਂ ਨਿਗੁਣਨੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੇਸਰਾਂ ਨੂੰ ਨੋਕਰੀ ਤੋਂ ਲਾਂਭੇ ਕਰਨ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ 48 ਸਰਕਾਰੀ ਕਾਲਜਾਂ ਵਿਚ 1873 ਅਸਾਮੀਆਂ ਹਨ ਜਿਨ੍ਹਾਂ ਵਿਚੋਂ 962 ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਕੰਮ ਕਰ ਰਹੇ ਹਨ ਜਦਕਿ 400 ਦੇ ਕਰੀਬ ਮਨਜ਼ੂਰ ਸ਼ੁਦਾ ਅਸਾਮੀਆਂ ਖਾਲੀ ਪਈਆਂ ਹਨ ਅਤੇ ਨਵੇਂ ਖੋਲੇ ਸਰਕਾਰੀ ਕਾਲਜਾਂ ਵਿਚ ਵੀ 160 ਅਸਾਮੀਆਂ ਖਾਲੀ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਸਲ ਵਿਚ ਨੋਜਵਾਨਾਂ ਨੂੰ ਰੋਜਗਾਰ ਦੇਣਾ ਚਾਹੁੰਦੀ ਹੈ ਤਾਂ ਉਹ ਨਿਰੋਲ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰੇ ਜਿਨ੍ਹਾਂ ਤੇ ਕੋਈ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਕੰਮ ਨਹੀਂ ਕਰ ਰਿਹਾ।