ਫਰੀਦਕੋਟ:ਕੋਟਕਪੂਰਾ ਗੋਲੀਕਾਂਡ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਅਰਜ਼ੀ ਉੱਤੇ ਅੱਜ ਵੀ ਫੈਸਲਾ ਟਲ ਗਿਆ ਹੈ, ਹੁਣ ਇਸ ਮਾਮਲੇ ਵਿੱਚ ਮਾਨਯੋਗ ਅਦਾਲਤ ਵਲੋਂ ਕੱਲ੍ਹ ਯਾਨੀ 16 ਮਾਰਚ ਨੂੰ ਫੈਸਲਾ ਸੁਣਾਇਆ ਜਾਵੇਗਾ। ਦੱਸ ਦਈਏ ਕਿ ਬੀਤੇ ਦਿਨ ਵੀ ਇਸ ਮਾਮਲੇ ਉੱਤੇ ਸੁਣਵਾਈ ਹੋਈ ਸੀ, ਪਰ ਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ।
ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੀ ਪਹੁੰਚੇ ਅਦਾਲਤ:ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਨਾਮਜ਼ਦ ਪੰਜਾਬ ਪੁਲਿਸ ਦੇ ਤਤਕਾਲੀ DGP ਸੁਮੇਧ ਸਿੰਘ ਸੈਣੀ ਵੀ ਅਦਾਲਤ ਦੀ ਸ਼ਰਨ ਵਿੱਚ ਪਹੁੰਚ ਚੁੱਕੇ ਹਨ। ਦੱਸ ਦਈਏ ਕਿ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਮੁਕੱਦਮਾਂ ਨੰਬਰ 192/2015 ਅਤੇ 129/2018 ਵਿੱਚ ਅਗਾਉਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਫਰੀਦਕੋਟ ਅਦਾਲਤ ਵਿੱਚ ਦਾਇਰ ਕੀਤੀ ਜ਼ਮਾਨਤ ਅਰਜ਼ੀ ਉੱਤੇ ਸੋਮਵਾਰ ਯਾਨੀ 20 ਮਾਰਚ ਨੂੰ ਸੁਣਵਾਈ ਹੋਵੇਗੀ।
ਇਹ ਵੀ ਪੜੋ:Summons issued Vijay Inder Singla: ਰਡਾਰ 'ਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ, ਵਿਜੀਲੈਂਸ ਨੇ ਭੇਜੇ ਸੰਮਨ
5 ਪੁਲਿਸ ਅਧਿਕਾਰੀਆਂ ਨੂੰ ਵੀ ਕੀਤਾ ਹੈ ਤਲਬ:ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤੀ ਗਈ ਚਾਰਜਸ਼ੀਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਣੇ 5 ਪੁਲਿਸ ਅਧਿਕਾਰੀ ਨੂੰ ਵੀ ਤਲਬ ਕੀਤਾ ਗਿਆ ਹੈ। ਇਹ ਪੁਲਿਸ ਅਧਿਕਾਰੀ 23 ਮਾਰਚ ਨੂੰ ਆਪਣਾ ਪੱਖ ਰੱਖ ਸਕਦੇ ਹਨ, ਜਿਹਨਾਂ ਦੀ ਕੋਰਟ ਵਿੱਚ ਸੁਣਵਾਈ ਹੋਵੇਗੀ।
7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੀਤੀ ਹੈ ਦਾਖਲ:ਦੱਸ ਦਈਏ ਕਿ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਸਬੰਧੀ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਦੱਸ ਦਈਏ ਕਿ ਇਹ ਚਾਰਜਸ਼ੀਟ ਵਿੱਚ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਨੇ ਦਾਇਰ ਕੀਤੀ ਸੀ, ਜਿਸ ਕਾਰਨ ਇਹ ਕਾਰਵਾਈ ਹੋ ਰਹੀ ਹੈ।
ਇਹ ਹੈ ਮਾਮਲਾ: ਦੱਸ ਦਈਏ ਕਿ ਸਾਲ 2015 ਵਿੱਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿਲਰੇ ਹੋਏ ਮਿਲੇ ਸਨ, ਜਿਸ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਇਸ ਦੀ ਜਾਂਚ ਲਈ ਸ਼ਾਂਤ ਮਈ ਪ੍ਰਦਰਸ਼ਨ ਕੀਤਾ, ਪਰ 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਪ੍ਰਦਰਸ਼ਨ ਲਈ ਬੈਠੇ ਲੋਕਾਂ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਕਈ ਲੋਕ ਜਖਮੀ ਹੋ ਗਏ ਹਨ। ਦੱਸ ਦਈਏ ਕਿ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਤੇ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਸਨ।
ਇਹ ਵੀ ਪੜੋ:Farmers Oppose G-20 : ਕਿਸਾਨ ਜਥੇਬੰਦੀਆਂ ਨੇ ਜੀ-20 ਦਾ ਕੀਤਾ ਤਿੱਖਾ ਵਿਰੋਧ, ਸਰਕਾਰ ਦੀ ਮੇਜ਼ਬਾਨੀ ਉੱਤੇ ਵੀ ਚੁੱਕੇ ਸਵਾਲ