ਕੋਟਕਪੂਰਾ ਵਿੱਚ ਤੇਂਦੁਏ ਦੀਆਂ ਤਸਵੀਰਾਂ ਸੀਸੀਟੀਵੀ 'ਚ ਕੈਦ ਫ਼ਰੀਦਕੋਟ :ਜ਼ਿਲ੍ਹੇ ਦੇ ਪਿੰਡ ਬੀੜ ਸਿੱਖਾਂਵਾਲਾ ਦੇ ਰਿਹਾਇਸ਼ੀ ਖੇਤਰ ਵਿੱਚ ਤੇਂਦੁਆ ਨਜ਼ਰ ਆਉਣ ਤੋਂ ਬਾਅਦ ਕੋਟਕਪੂਰਾ, ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਚੀਤੇ ਦੀਆਂ ਤਸਵੀਰਾਂ ਸੀ.ਸੀ.ਟੀ.ਵੀ ਕੈਮਰਿਆਂ 'ਚ ਕੈਦ ਹੋ ਗਈਆਂ ਹਨ ਅਤੇ ਸੂਚਨਾ ਤੋਂ ਬਾਅਦ ਜੰਗਲਾਤ ਵਿਭਾਗ ਅਤੇ ਪੁਲਿਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਇਲਾਕਾ ਜੰਗਲ ਦੇ ਨਾਲ ਲੱਗਦਾ ਹੈ, ਜਿਸ ਕਾਰਨ ਅਕਸਰ ਜੰਗਲੀ ਸੂਰ ਅਤੇ ਹੋਰ ਜਾਨਵਰ ਆ ਜਾਂਦੇ ਹਨ ਅਤੇ ਉਨ੍ਹਾਂ ਦੀਆਂ ਫ਼ਸਲਾਂ ਦਾ ਵੀ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਹੈ ਕਿ ਜੰਗਲੀ ਜਾਨਵਰਾਂ ਤੋਂ ਬਚਾਉਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਪਹਿਲ ਦੇ ਆਧਾਰ 'ਤੇ ਹਥਿਆਰਾਂ ਦੇ ਲਾਇਸੈਂਸ ਦਿੱਤੇ ਜਾਣ।
ਸੀਸੀਟੀਵੀ ਵਿੱਚ ਕੈਦ ਹੋਇਆ ਤੇਂਦੁਆ: ਜਾਣਕਾਰੀ ਅਨੁਸਾਰ ਸ਼ਨੀਵਾਰ ਸ਼ਾਮ ਨੂੰ ਪਿੰਡ ਦੇ ਲੋਕਾਂ ਨੇ ਤੇਂਦੁਏ ਨੂੰ ਦੇਖਿਆ ਜਿਸ ਤੋਂ ਬਾਅਦ ਜਦੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਗਏ, ਤਾਂ ਉੱਥੇ ਤੇਂਦੁਆ ਦੇ ਹੋਣ ਦਾ ਸ਼ੱਕ ਜਤਾਇਆ ਗਿਆ। ਇਸ ਤੋਂ ਬਾਅਦ ਪੁਲਿਸ ਅਤੇ ਜੰਗਲਾਤ ਵਿਭਾਗ ਨੂੰ ਸੂਚਨਾ ਦਿੱਤੀ ਗਈ। ਦੁਪਹਿਰ ਕਰੀਬ 12 ਵਜੇ ਡੀਐਸਪੀ ਕੋਟਕਪੂਰਾ ਸ਼ਮਸ਼ੇਰ ਸਿੰਘ ਸ਼ੇਰਗਿੱਲ ਦੀ ਅਗਵਾਈ ਵਿੱਚ ਪੁਲਿਸ ਅਤੇ ਜੰਗਲਾਤ ਵਿਭਾਗ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਜਾਨਵਰ ਦੇ ਪੈੜਾਂ ਦੇ ਨਿਸ਼ਾਨਾਂ ਦੀ ਜਾਂਚ ਕਰਨ ਤੋਂ ਬਾਅਦ ਇਸ ਦੇ ਤੇਂਦੁਆ ਹੋਣ ਦੀ ਪ੍ਰਬਲ ਸੰਭਾਵਨਾ ਜਾਪਦੀ ਹੈ। ਇਸ ਤੋਂ ਬਾਅਦ ਪੁਲਿਸ ਅਤੇ ਜੰਗਲਾਤ ਵਿਭਾਗ ਨੇ ਇਲਾਕੇ ਵਿੱਚ ਭਾਲ ਸ਼ੁਰੂ ਕਰ ਦਿੱਤੀ ਹੈ।
ਲੋਕਾਂ ਨੂੰ ਇਹਤਿਆਤ ਵਰਤਣ ਦੀ ਅਪੀਲ:ਇਸ ਮੌਕੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ ਅਤੇ ਲੋਕਾਂ ਨੂੰ ਰਾਤ ਸਮੇਂ ਪੈਦਲ ਜਾਂ ਦੋਪਹੀਆ ਵਾਹਨਾਂ 'ਤੇ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ।
ਤੇਂਦੁਏ ਨੂੰ ਰੈਸਕਿਊ ਕਰਨ ਦਾ ਕੰਮ ਸ਼ੁਰੂ:ਇਸ ਮੌਕੇ ਜੰਗਲਾਤ ਵਿਭਾਗ ਦੀ ਗਾਰਡ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਇਲਾਕੇ ਵਿੱਚ ਤੇਂਦੁਏ ਦੇ ਹੋਣ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਮੁੱਢਲੀ ਜਾਂਚ ਤੋਂ ਇਹ ਤੇਂਦੁਆ ਹੋਣ ਦੀ ਸੰਭਾਵਨਾ ਜਾਪਦੀ ਹੈ ਅਤੇ ਵਿਭਾਗ ਵੱਲੋਂ ਇਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।