ਫ਼ਰੀਦਕੋਟ: ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਲੋਕਾਂ ਨੂੰ ਰਾਹਤ ਦੇਣ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਅਸਫਲ ਹੋਈ ਹੈ ਅਤੇ ਗਰੀਬਾਂ ਦੇ ਮੂੰਹ ਵਿੱਚੋਂ ਸਰਕਾਰ ਨੇ ਰੋਟੀ ਖੋਹਣ ਦਾ ਕੰਮ ਕੀਤਾ ਹੈ, ਅਜਿਹੇ ਦੋਸ਼ ਕਾਂਗਰਸ ਸਰਕਾਰ 'ਤੇ ਲੋਕ ਜਨ ਸ਼ਕਤੀ ਪਾਰਟੀ ਵੱਲੋਂ ਲਗਾਏ ਜਾ ਰਹੇ ਹਨ।
ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਦੀ ਅਗਵਾਈ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਸਹਾਇਕ ਕਮਿਸ਼ਨਰ ਜਨਰਲ ਫ਼ਰੀਦਕੋਟ ਨੂੰ ਮਿਲ ਕੇ ਇੱਕ ਮੰਗ ਪੱਤਰ ਰਾਜਪਾਲ ਪੰਜਾਬ ਦੇ ਨਾਂਅ ਭੇਜਿਆ ਹੈ। ਇਸ ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਕਾਂਗਰਸ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਗਰੀਬ ਪਰਿਵਾਰਾਂ ਦੇ ਨੀਲੇ ਕਾਰਡ ਕੱਟੇ ਗਏ ਹਨ ਅਤੇ ਨਾਲ ਹੀ ਸੈਂਕੜੇ ਪਰਿਵਾਰਾਂ ਦੇ ਰਾਸ਼ਨ ਕਾਰਡਾਂ ਵਿੱਚੋਂ ਪਰਿਵਾਰਕ ਮੈਂਬਰਾਂ ਦੇ ਨਾਂਅ ਕੱਟੇ ਗਏ ਹਨ ਜਿਨ੍ਹਾਂ ਨੂੰ ਜਲਦ ਬਹਾਲ ਕੀਤਾ ਜਾਵੇ। ਇਸ ਦੇ ਨਾਲ ਪਾਰਟੀ ਨੇ ਸਰਕਾਰ ਨੂੰ ਚਿਤਵਾਨੀ ਦਿੱਤੀ ਕਿ ਜੇ ਕਾਰਡ ਬਹਾਲ ਨਾ ਕੀਤੇ ਗਏ ਤਾਂ ਉਨ੍ਹਾਂ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।