Kotakpura case update: ਅਦਾਲਤ 'ਚ ਬਾਂਡ ਭਰਨ ਲਈ ਪੇਸ਼ ਹੋਏ ਬਾਦਲ ਪਿਓ-ਪੁੱਤ, ਅਦਾਲਤ ਬਾਹਰ ਸਿੱਖ ਆਗੂਆਂ ਨੇ ਕੀਤਾ ਪ੍ਰਦਰਸ਼ਨ ਫਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਫਰੀਦਕੋਟ ਅਦਾਲਤ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਪੇਸ਼ੀ ਦੌਰਾਨ ਸਿੱਖ ਨੌਜਵਾਨਾਂ ਵੱਲੋਂ ਅਦਾਲਤ ਦੇ ਬਾਹਰ ਬਾਦਲ ਪਿਓ-ਪੁੱਤ ਦੀ ਗ੍ਰਿਫਤਾਰੀ ਅਤੇ ਸ਼੍ਰੋਮਣੀ ਅਕਾਲੀ ਦਲ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਜ਼ਿਕਰਯੋਗ ਹੈ ਕਿ ਫਰੀਦਕੋਟ ਅਦਾਲਤ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਗੋਲੀਕਾਂਡ ਮਾਮਲੇ ਨਾਲ ਸੰਬੰਧਿਤ ਮੁਕੱਦਮਾਂ ਨੰਬਰ 129/2018 ਵਿੱਚ ਅਗਾਉਂ ਜ਼ਮਾਨਤ ਮਿਲਣ ਤੋਂ ਬਾਅਦ ਆਪਣੇ ਨਿੱਜੀ ਮੁਚੱਲਕੇ ਭਰੇ ਗਏ ਸਨ ਅਤੇ ਉਹਨਾਂ ਦੀ ਫਰੀਦਕੋਟ ਅਦਾਲਤ ਵਿਚ ਪੇਸ਼ੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦੀ ਸਮੁੱਚੀ ਲੀਡਰਸ਼ਿੱਪ ਮੌਜੂਦ ਸੀ।
ਲੀਡਰਸ਼ਿੱਪ ਪਹੁੰਚੀ ਅਦਾਲਤ:ਪੇਸ਼ੀ ਮੌਕੇ ਅਦਾਲਤ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੁਮਾਜਰਾ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਗੁਲਜਾਰ ਸਿੰਘ ਰਾਣੀਕੇ, ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮਜੀਤ ਸਿੰਘ ਮਜੀਠੀਆ, ਹਰਚਰਨ ਸਿੰਘ ਬੈਂਸ, ਐਨ.ਕੇ. ਸ਼ਰਮਾਂ, ਅਨਿਲ ਜੋਸ਼ੀ, ਪਰਮਬੰਸ ਸਿੰਘ ਰੋਮਾਣਾ ਅਤੇ ਮੱਖਣ ਸਿੰਘ ਦਿਦਾਰੇਵਾਲਾ ਆਦਿ ਹਾਜ਼ਿਰ ਰਹੇ। ਇਸ ਦੇ ਨਾਲ ਹੀ ਅਦਾਲਤ ਕੰਪਲੈਕਸ ਦੇ ਬਾਹਰ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਪੰਜਾਬ ਭਰ ਤੋਂ ਵਰਕਰ ਮੌਜੂਦ ਰਹੇ।
ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ:ਦੂਸਰੇ ਪਾਸੇ ਸਿੱਖ ਆਗੂ ਵੀ ਕਿਸੇ ਨਾਂ ਕਿਸੇ ਤਰ੍ਹਾਂ ਪੁਲਿਸ ਸੁਰੱਖਿਆ ਨੂੰ ਚਕਮਾਂ ਦੇ ਕੇ ਫਰੀਦਕੋਟ ਕਚਿਹਰੀ ਦੇ ਬਾਹਰ ਪਹੁੰਚ ਗਏ। ਜਿਵੇਂ ਹੀ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਅਦਾਲਤ ਵਿੱਚ ਪੇਸ਼ੀ ਭੁਗਤ ਕੇ ਵਾਪਸ ਗਏ ਅਤੇ ਅਕਾਲੀ ਦਲ ਦੇ ਵਰਕਰਾਂ ਦਾ ਜਮਾਵੜਾ ਘਟਿਆ ਤਾਂ ਅਦਾਲਤ ਦੇ ਮੁੱਖ ਗੇਟ ਉੱਤੇ ਸਿੱਖ ਆਗੂਆਂ ਵੱਲੋਂ ਰਣਜੀਤ ਸਿੰਘ ਵਾਂਦਰ ਦੀ ਅਗਵਾਈ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਪ੍ਰਦਰਸ਼ਨਕਾਰੀਆਂ ਨੇ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਰਣਜੀਤ ਸਿੰਘ ਵਾਂਦਰ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਸਮੇਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਵਾਪਰਿਆ ਜਿਸ ਵਿੱਚ 2 ਨੌਜਵਾਨਾਂ ਦੀ ਮੌਤ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਸਭ ਲਈ ਇਹ ਜ਼ਿੰਮੇਵਾਰ ਬਾਦਲ ਪਿਓ-ਪੁੱਤ ਨੇ ਡੇਰਾ ਮੁਖੀ ਨਾਲ ਮਿਲ ਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਅਤੇ ਜਾਪ ਕਰ ਰਹੀਆਂ ਸੰਗਤਾਂ ਉੱਪਰ ਗੋਲੀਆਂ ਚਲਾਈਆਂ ਅਤੇ ਲਾਠੀਚਾਰਜ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਦੀ ਸਰਕਾਰ ਅਤੇ ਬਾਅਦ ਵਿੱਚ ਕਾਂਗਰਸ ਦੀ ਸਰਕਾਰ ਨੇ ਇਹਨਾਂ ਮਾਮਲਿਆ ਉੱਤੇ ਸਿਆਸਤ ਕੀਤੀ ਅਤੇ ਸਿੱਖ ਕੌਮ ਨੂੰ ਇਨਸਾਫ ਨਹੀਂ ਦਿੱਤਾ। ਉਨ੍ਹਾਂ ਕਿਹਾ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖ ਕੌਮ ਨੂੰ ਕੁਝ ਰਾਹਤ ਦਿੱਤੀ ਹੈ ਅਤੇ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਭਗਵੰਤ ਮਾਨ ਦੀ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਸਖ਼ਤ ਸਜ਼ਾਵਾਂ ਦੇ ਕੇ ਕੌਮ ਨੂੰ ਇਨਸਾਫ਼ ਦਿੱਤਾ ਜਾਵੇ।
ਇਹ ਵੀ ਪੜ੍ਹੋ:Operation Amritpal: ਅੰਮ੍ਰਿਤਪਾਲ ਦੀ ਨਵੀਂ ਵੀਡੀਓ ਨੇ ਕਰਤੇ ਵੱਡੇ ਖੁਲਾਸੇ, ਵੇਖੋ ਲੁਧਿਆਣਾ ਤੋਂ ਹਰਿਆਣੇ ਕਿਵੇਂ ਪਹੁੰਚਿਆ ਅੰਮ੍ਰਿਤਪਾਲ