ਫ਼ਰੀਦਕੋਟ: ਪੰਜਾਬ ਸਰਕਾਰ ਖ਼ਿਲਾਫ਼ ਲਾਮਬੰਦ ਹੋਏ ਮਨਿਸਟਰੀਅਲ ਕਾਮੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦੀ ਅਰਥੀ ਫੂਰ ਕੇ ਮੁਜ਼ਾਹਰਾ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਵਿਧਾਇਕ ਅਤੇ ਮੰਤਰੀ ਮਹਿਜ਼ 5-5 ਸਾਲ ਲਈ ਚੁਣੇ ਜਾਣ ਦੇ ਬਾਵਜੂਦ ਸਾਰੀ ਉਮਰ ਤਨਖ਼ਾਹ ਲੈਂਦੇ ਹਨ ਅਤੇ ਸਾਰੀ ਉਮਰ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਕੱਟੀਆਂ ਜਾ ਰਹੀਆਂ ਹਨ।
ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਵਿਧਾਇਕਾਂ ਦੀ ਪੈਨਸ਼ਨ 'ਤੇ ਚੁੱਕਿਆ ਸਵਾਲ ਇਸ ਮੌਕੇ ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸੀ ਆਗੂ ਖ਼ਾਸਕਰ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਸੱਤਾ ਵਿੱਚ ਆਉਂਦਿਆਂ ਹੀ ਸਰਕਾਰ ਨੇ ਉਨ੍ਹਾਂ ਉੱਪਰ ਜਜ਼ੀਆ ਟੈਕਸ ਲਗਾ ਕੇ ਆਪਣੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਦਿੱਤਾ।
ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਨੇ ਮੁਲਾਜ਼ਮਾਂ ਨੂੰ ਆਉਂਦੀਆਂ ਹੀ ਪੇਅ-ਕਮਿਸ਼ਨ ਦੇਣ ਦੀ ਗੱਲ ਆਖੀ ਸੀ ਜੋ ਅੱਜ ਤੱਕ ਲਟਕਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਡੀਏ ਦੀਆਂ ਕਿਸ਼ਤਾਂ ਨਹੀਂ ਦਿੱਤੀਆਂ ਜਾ ਰਹੀਆਂ, ਸਗੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਮੁਢਲੀ ਕਤਾਰ ਵਿੱਚ ਖੜ੍ਹ ਕੇ ਲੜਨ ਵਾਲੇ ਮੁਲਾਜ਼ਮਾਂ ਨੂੰ ਮਿਲਦਾ ਨਿਗੁਣਾ ਮੋਬਾਇਲ ਭੱਤਾ ਵੀ ਘਟਾ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਵਰਗੀਆਂ ਮੰਗਾਂ ਨੂੰ ਲੈ ਕੇ ਅੱਜ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਵਾਲੇ ਦਿਨ ਸਮੂਹ ਮੁਲਾਜ਼ਮ ਆਪਣੇ ਘਰਾਂ ਦੀਆਂ ਛੱਤਾਂ 'ਤੇ ਕਾਲੇ ਝੰਡੇ ਲਹਿਰਾ ਕੇ ਰੋਸ ਜ਼ਾਹਰ ਕਰਨਗੇ।