ਫ਼ਰੀਦਕੋਟ: ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਗਏ 3 ਖੇਤੀ ਆਰਡੀਨੈਂਸਾਂ ਦਾ ਜਿਥੇ ਵੱਡੇ ਪੱਧਰ ਉੱਤੇ ਦੇਸ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ, ਉੱਥੇ ਹੀ ਬਾਕੀ ਵਰਗ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਹਨ। ਦਿਨ ਸ਼ੁੱਕਰਵਾਰ ਪੰਜਾਬ ਦੇ ਕਿਸਾਨਾਂ ਵਲੋਂ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਪੂਰੇ ਸੂਬੇ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਸ ਦੇ ਨਾਲ ਹੀ ਜਿਥੇ ਹੋਰ ਰਾਜਨੀਤਿਕ ਪਾਰਟੀਆਂ ਵੱਲੋਂ ਬੰਦ ਦਾ ਸਮਰਥਨ ਕੀਤਾ ਗਿਆ ਉੱਥੇ ਹੀ ਕੇਂਦਰ ਵਿੱਚ ਬੀਜੇਪੀ ਦੀ ਭਾਈਵਾਲ ਰਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਕੇਂਦਰ ਸਰਕਾਰ ਵਿਰੁੱਧ ਸੂਬੇ ਭਰ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਅੰਦਰ ਧਰਨੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਜਿਸ ਤਹਿਤ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਅਕਾਲੀਂ ਦਲ ਦੇ ਸਾਬਕਾ ਵਿਧਾਇਕ ਅਤੇ ਜਿਲ੍ਹਾ ਫਰੀਦਕੋਟ ਦਿਹਾਤੀ ਦੇ ਪ੍ਰਧਾਨ ਮਨਤਾਰ ਸਿੰਘ ਬਰਾਡ਼ ਦੀ ਅਗਵਾਈ ਹੇਠ ਅਬੋਹਰ ਚੰਡੀਗੜ੍ਹ ਰਾਜ ਮਾਰਗ ਉੱਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਨੂੰ ਕਿਸਾਨ, ਮਜ਼ਦੂਰ ਵਿਰੋਧੀ ਆਰਡੀਨੈਂਸ ਵਾਪਸ ਲੈਣ ਦੀ ਅਪੀਲ ਕੀਤੀ।