ਫ਼ਰੀਦਕੋਟ: ਬੇਅਦਬੀ ਕਾਂਡ ਨੂੰ 5 ਸਾਲ ਬੀਤ ਜਾਣ ਮਗਰੋਂ ਵੀ ਇਨਸਾਫ ਨਾ ਮਿਲਣ ਕਾਰਨ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਹੈ। ਇਸ ਰੋਸ ਵਜੋਂ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਬਣਾਈ ਗਈ ਜੱਦੋ-ਜ਼ਹਿਦ ਕਮੇਟੀ ਨੇ ਬਰਗਾੜੀ ਵਿਖੇ ਨੈਸ਼ਨਲ ਹਾਈਵੇ 'ਤੇ ਸੰਕੇਤਕ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ 2 ਘੰਟਿਆਂ ਤੱਕ ਬਰਗਾੜੀ ਨੈਸ਼ਨਲ ਹਾਈਵੇ ਨੂੰ ਜਾਮ ਰੱਖਿਆ। ਉਨ੍ਹਾਂ ਸਰਕਾਰ ਨੂੰ ਅੱਗੇ ਵੀ ਪੰਥਕ ਧਿਰਾਂ ਵੱਲੋਂ ਇਸ ਸਬੰਧੀ ਸੰਘਰਸ਼ ਜਾਰੀ ਰੱਖਣ ਦੀ ਚੇਤਾਵਨੀ ਦਿੱਤੀ ਹੈ।
ਸਿੱਖ ਜੱਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਸਿੱਖ ਕੌਮ ਦੇ ਦਿਲਾਂ ਨੂੰ ਵਲੂਧਰਣ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ 5 ਸਾਲ ਬੀਤ ਜਾਣ ਮਗਰੋਂ ਵੀ ਅਜੇ ਤੱਕ ਇਨਸਾਫ ਨਹੀਂ ਮਿਲ ਸਕਿਆ ਹੈ। ਪੰਜਾਬ ਸਰਕਾਰ ਇਸ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ 'ਚ ਨਾਕਾਮਯਾਬ ਰਹੀ ਹੈ। ਇਸ ਦੇ ਉਲਟ ਬੇਅਦਬੀ ਕਾਂਡ ਦੇ ਮੁਲਜ਼ਮ ਡੇਰਾ ਪ੍ਰੇਮੀਆਂ ਨੂੰ ਜ਼ਮਾਨਤਾਂ ਦੇ ਕੇ ਰਿਹਾਅ ਕੀਤਾ ਜਾ ਰਿਹਾ ਹੈ ਤੇ ਸਰਕਾਰ ਵੱਲੋਂ ਉਨ੍ਹਾਂ ਸੁਰੱਖਿਆ ਦਿੱਤੀ ਜਾ ਰਹੀ ਹੈ।
ਜੱਦੋਜ਼ਹਿਦ ਕਮੇਟੀ ਦੇ ਆਗੂਆਂ ਨੇ ਆਖਿਆ ਕਿ ਜੇਕਰ ਸਰਕਾਰ ਬੇਅਦਬੀ ਮਾਮਲੇ ਦੇ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ ਨਹੀਂ ਕਰੇਗੀ ਤੇ ਉਨ੍ਹਾਂ ਦੀ ਸੁਰੱਖਿਆ ਵਾਪਸ ਨਹੀਂ ਲਵੇਗੀ ਤਾਂ ਸਿੱਖ ਜਥੇਬੰਦੀਆਂ ਵੱਲੋਂ 29 ਅਕਤੂਬਰ ਨੂੰ ਵੱਡਾ ਇੱਕਠ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਜਲਦ ਤੋਂ ਜਲਦ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਜੇਕਰ ਸਰਕਾਰ ਸਜ਼ਾ ਨਹੀਂ ਦਵੇਗੀ ਤਾਂ ਸਿੱਖ ਜਥੇਬੰਦੀਆਂ ਖ਼ੁਦ ਮੁਲਜ਼ਮਾਂ ਨੂੰ ਸਜ਼ਾ ਦੇਣ ਲਈ ਮਜਬੂਰ ਹੋ ਜਾਣਗੀਆਂ।