ਫਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਐਸਆਈਟੀ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੁੜ ਤਲਬ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਆਪਣੀ ਆਵਾਜ਼ ਦਾ ਨਮੂਨਾ ਦੇਣ ਲਈ ਦਿੱਲੀ ਵਿਖੇ ਤਲਬ ਕੀਤਾ ਹੈ। ਹਾਲਾਂਕਿ ਡੀਜੀਪੀ ਸੁਮੇਧ ਸੈਣੀ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਜਦੋਂ ਉਹ ਆਪਣੀ ਆਵਾਜ਼ ਦਾ ਨਮੂਨਾ ਦੇਣ ਜਾਣਗੇ ਤਾਂ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।
ਸੂਤਰਾਂ ਤੋਂ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਚਰਨਜੀਤ ਸ਼ਰਮਾ ਨੂੰ ਵੀ ਇਸ ਮਾਮਲੇ ਵਿੱਚ ਆਪਣੀ ਆਵਾਜ਼ ਦੇ ਨਮੂਨੇ ਦੇਣ ਲਈ ਦਿੱਲੀ ਦੀ ਸੀਐੱਫਐੱਲ ਲੈੱਬ ’ਚ ਬੁਲਾਇਆ ਹੈ। ਦੂਜੇ ਪਾਸੇ ਸੁਮੇਧ ਸੈਣੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਆਪਣੀ ਗ੍ਰਿਫ਼ਤਾਰੀ ਦਾ ਖਦਸ਼ਾ ਜ਼ਾਹਿਰ ਕੀਤਾ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਸੈਣੀ ਨੂੰ ਕਿਹਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਫੋਨ ਦੀਆਂ ਹੋਈਆਂ ਰਿਕਾਰਡਿੰਗ ਦੀ ਪੜਤਾਲ ਕੀਤੀ ਜਾਣੀ ਹੈ। ਜਿਸ ਲਈ ਵਿਸ਼ੇਸ਼ ਜਾਂਚ ਟੀਮ ਨੇ ਸੈਣੀ ਨੂੰ 6 ਸਤੰਬਰ ਨੂੰ ਦਿੱਲੀ ਹਾਜਿਰ ਹੋਣ ਲਈ ਕਿਹਾ ਹੈ।