ਸੁਖਬੀਰ ਬਾਦਲ ਨੇ ਸੂਬਾ ਸਰਕਾਰ ਨੂੰ ਲਪੇਟਿਆ ਫਰੀਦਕੋਟ:ਪੰਜਾਬ ਵਿੱਚ ਬਹੁਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈਕੇ ਅੱਜ ਸੁਖਬੀਰ ਸਿੰਘ ਬਾਦਲ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵਿੱਚ ਸੁਖਬੀਰ ਸਿੰਘ ਬਾਦਲ ਨੇ ਤਾਂ ਅਪਣੀ ਹਾਜ਼ਰੀ ਲਗਵਾਈ ਪਰ ਉਨ੍ਹਾਂ ਤੋਂ ਬਗ਼ੈਰ ਇਸ ਮਾਮਲੇ ਵਿੱਚ ਨਾਮਜ਼ਦ ਹੋਰ ਕੋਈ ਵੀ ਮੁਲਜ਼ਮ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਨਹੀਂ ਹੋਇਆ, ਦੱਸ ਦਈਏ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਵੱਲੋਂ ਇਸ ਪੇਸ਼ੀ ਤੋਂ ਛੋਟ ਦੇਣ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਗਈ ਸੀ। ਅਦਾਲਤ ਨੇ ਹੁਣ ਇਸ ਮਾਮਲੇ ਵਿੱਚ 14 ਜੂਨ ਨੂੰ ਅਗਲੀ ਪੇਸ਼ੀ ਤੈਅ ਕੀਤੀ ਹੈ।
ਪੰਜਾਬ ਸਰਕਾਰ ਉੱਤੇ ਨਿਸ਼ਾਨਾ:ਪੇਸ਼ੀ ਤੋਂ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਦਲਾਅ ਦੇ ਨਾਂਅ ਉੱਤੇ ਬਣੀ ਸਰਕਾਰ ਹੁਣ ਬਦਲਾਖੋਰੀ ਦੀ ਸਿਆਸਤ ਕਰ ਰਹੀ ਹੈ ਅਤੇ ਇਸ ਬਦਲਾਖੋਰੀ ਦੇ ਤਹਿਤ ਹੀ ਉਨ੍ਹਾਂ ਉੱਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਅਤੇ ਸੂਬੇ ਅੰਦਰ ਅਰਾਜਕਤਾ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਅੰਦਰ ਮੀਡੀਆ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਖ਼ਿਲਾਫ਼ ਜੋ ਵੀ ਬੋਲਦਾ ਹੈ ਉਸ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਜਾਂਦਾ ਹੈ।
ਕੁੱਲ 8 ਮੁਲਜ਼ਮਾਂ ਦੇ ਨਾਂਅ: ਦੱਸ ਦਈਏ ਕੋਟਕਪੂਰਾ ਗੋਲੀਕਾਂਡ ਵਿੱਚ ਪੇਸ਼ ਕੀਤੇ ਗਏ ਚਲਾਨ ਵਿੱਚ ਐਸਆਈਟੀ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸ.ਆਈ.ਟੀ. ਫਿਰ ਥਾਣਾ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਮੁਲਜ਼ਮ ਬਣਾਇਆ ਹੈ। ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਦਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ 'ਤੇ ਵੀ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ।
ਕੀ ਹੈ ਮਾਮਲਾ?: ਬਰਗਾੜੀ ਬੇਅਦਬੀ ਕਾਂਡ ਦੇ ਰੋਸ ਵਿੱਚ ਬਹਿਲ ਕਲਾਂ ਅਤੇ ਕੋਟਕਪੂਰਾ ਵਿੱਚ ਸਿੱਖ ਸੰਗਤ ਨੇ ਰੋਸ ਵਜੋਂ ਸ਼ਾਂਤਮਈ ਧਰਨਾ ਲਗਾਇਆ ਹੋਇਆ ਸੀ। ਇਸ ਦੌਰਾਨ ਬਹਿਬਲ ਕਲਾਂ ਵਿੱਚ ਪੁਲਿਸ ਨੇ ਫਾਇਰਿੰਗ ਕੀਤੀ, ਜਿਸ ਵਿੱਚ 2 ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ। ਕੋਟਕਪੂਰਾ ਵਿੱਚ ਵੀ ਫਾਇਰਿੰਗ ਹੋਈ, ਜਿਸ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਪੁਲਿਸ ਨੇ 7 ਅਗਸਤ 2018 ਨੂੰ ਅਣਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ।