ਫਰੀਦਕੋਟ: ਠੇਕੇਦਾਰੀ ਸਿਸਟਮ ਬੰਦ ਕਰਨ ਅਤੇ ਕੱਚੇ ਸਫਾਈ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈਕੇ ਚਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਇਸ ਹੜਤਾਲ ਦੌਰਾਨ ਜਿੱਥੇ ਸਫਾਈ ਕਰਮੀਆਂ ਦੀ ਕੋਈ ਸਹਿਮਤੀ ਨਹੀਂ ਬਣ ਸਕੀ ਹੈ ਉੱਥੇ ਹੀ ਦੂਜੇ ਪਾਸੇ ਸ਼ਹਿਰ ’ਚ ਸਫਾਈ ਵਿਵਸਥਾ ਬੁਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ। ਹੜਤਾਲ ਕਾਰਨ ਸ਼ਹਿਰ ’ਚ ਵੱਖ ਵੱਖ ਥਾਵਾਂ ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਪੰਜਾਬ ਪੱਧਰ ’ਤੇ ਸਫਾਈ ਸੇਵਕਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ 9 ਜੂਨ ਨੂੰ ਪੰਜਾਬ ਭਰ ਚੋ ਸਫਾਈ ਕਰਮੀ ਪਟਿਆਲਾ ਵਿਖੇ ਇਕੱਠੇ ਹੋਕੇ ਰੋਸ਼ ਪ੍ਰਦਰਸ਼ਨ ਕਰਨਗੇ ਅਤੇ ਨਾਲ ਹੀ ਮੋਤੀ ਮਹਿਲ ਦਾ ਘੇਰਾਓ ਕੀਤਾ ਜਾਵੇਗਾ।
ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਨੋਦ ਕੁਮਾਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕੇ ਠੇਕੇਦਾਰੀ ਸਿਸਟਮ ਬੰਦ ਕਰ ਸਫਾਈ ਕਰਮੀਆਂ ਨੂੰ ਨਗਰ ਕੌਂਸਲ ਦੇ ਅਧੀਨ ਕੀਤਾ ਜਾਵੇ ਕਿਉਂਕਿ ਉਹ ਪਿਛਲੇ 15 - 15 ਸਾਲ ਤੋਂ ਬਹੁਤ ਘੱਟ ਤਨਖਾਹਾਂ ’ਤੇ ਕੰਮ ਕਰ ਰਹੇ ਹਨ। ਜਿਸ ਨਾਲ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੈ। ਉਹ ਕਾਫੀ ਸਮੇਂ ਤੋਂ ਹੜਤਾਲ ਕਰ ਰਹੇ ਹਨ ਪਰ ਸਰਕਾਰ ਵਲੋਂ ਉਨ੍ਹਾਂ ਨਾਲ ਕੋਈ ਗਲਬਾਤ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਦੇਸ਼ ਨੂੰ ਸਾਫ ਸੁਥਰਾ ਰੱਖਣ ਚ ਅਹਿਮ ਰੋਲ ਅਦਾ ਕਰਦੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਦਰਕਨਾਰ ਕਰ ਰਹੀ ਹੈ।