ਫਰੀਦਕੋਟ: ਦੇਸ਼ ਭਰ 'ਚ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਦੇਸ਼ ਵਾਸੀਆ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਦੇ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆ ਜਾ ਰਹੀਆਂ ਹਨ। ਫਰੀਦਕੋਟ ਦੀ ਪੁਲਿਸ ਲਾਈਨ (Police line) ਵਿੱਚ ਵੀ ਪੰਜਾਬ ਪੁਲਿਸ (Punjab Police) ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਦੇ ਲਈ ਇੱਕ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਿਕ ਮੈਂਬਰ ਵੱਲੋਂ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ।
ਇਸ ਮੌਕੇ ਡੀ.ਆਈ.ਜੀ. ਸੁਰਜੀਤ ਸਿੰਘ (DIG Surjit Singh) ਨੇ ਕਿਹਾ ਕਿ ਅਸੀਂ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਕਰਕੇ ਹੀ ਅੱਜ ਆਪਣੇ ਪਰਿਵਾਰਾਂ ਨਾਲ ਖੁਸ਼ੀ-ਖੁਸ਼ੀ ਜ਼ਿੰਦਗੀ ਬਤੀਤ ਕਰ ਰਹੇ ਹਾਂ, ਉਨ੍ਹਾਂ ਕਿਹਾ ਕਿ ਇਹ ਸ਼ਹੀਦ ਰਹਿੰਦੀ ਦੁਨੀਆ ਤੱਕ ਅਮਰ ਰਹਿਣਗੇ। ਉਨ੍ਹਾਂ ਕਿਹਾ ਇਨ੍ਹਾਂ ਸ਼ਹੀਦਾਂ ਨੇ ਪੰਜਾਬ ਦੇ ਲੋਕਾਂ ਦੀ ਜਾਨਾਂ ਬਚਾਉਣ ਦੇ ਲਈ ਆਪਣੀਆਂ ਜਾਨਾਂ ਨੂੰ ਕੁਰਬਾਨ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ (Punjab Police) ਨੇ ਹਮੇਸ਼ਾ ਹੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਅੱਤਵਾਦੀ ਖ਼ਿਲਾਫ਼ ਜਮ ਕੇ ਲੜਾਈ ਲੜੀ ਹੈ ਅਤੇ ਉਸ ਲੜਾਈ ਵਿੱਚ ਜਿੱਤ ਹਾਸਲ ਕਰਕੇ ਅੱਤਵਾਦ ਨੂੰ ਪੰਜਾਬ ਵਿੱਚੋਂ ਖ਼ਤਮ ਕਰਕੇ ਪੰਜਾਬ ਵਿੱਚ ਮੁੜ ਸ਼ਾਂਤੀ ਦਾ ਮਾਹੌਲ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਦੌਰਾਨ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ (Punjab Police) ਦੇ ਜਵਾਨ ਪੂਰੇ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਸ਼ਹੀਦ ਹੋਏ ਸਨ।