ਸ੍ਰੀ ਫ਼ਤਿਹਗੜ੍ਹ ਸਾਹਿਬ: ਪਿੰਡ ਵਜ਼ੀਰਾਬਾਦ ਵਿੱਚ ਪੰਜਾਬ ਸਰਕਾਰ ਵੱਲੋਂ ਫੈਕਟਰੀ ਲਗਾਉਣ ਲਈ ਅਕਵਾਇਰ ਕੀਤੀ ਜ਼ਮੀਨ ਨੂੰ ਲੈ ਕੇ ਹੁਣ ਸਿਆਸਤ ਸ਼ੁਰੂ ਹੋ ਗਈ ਹੈ। ਇਸੇ ਦੇ ਚੱਲਦੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਨੈਸ਼ਨਲ ਹਾਈਵੇ 'ਤੇ ਰੋਸ ਪ੍ਰਦਰਸ਼ਨ ਕੀਤਾ।
ਆਪ ਆਗੂ ਹਰਪਾਲ ਸਿੰਘ ਚੀਮਾ ਦੇ ਆਉਣ ਤੋਂ ਬਾਅਦ ਵਰਕਰਾਂ ਦਾ ਜ਼ਿਆਦਾ ਇਕੱਠ ਹੋਣ ਦੇ ਕਰਕੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪਿੰਡ ਜਾਣ ਤੋਂ ਰੋਕ ਦਿੱਤਾ। ਜਿਸ ਤੋਂ ਬਾਅਦ ਚੀਮਾ ਸਰਹਿੰਦ ਨੈਸ਼ਨਲ ਹਾਈਵੇ 'ਤੇ ਹੀ ਰੁਕ ਗਏ ਅਤੇ ਉੱਥੇ ਹੀ ਪੰਚਾਇਤ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਨੈਸ਼ਨਲ ਹਾਈਵੇ 'ਤੇ ਹੀ ਲੋਕ ਇਕੱਠੇ ਹੋ ਗਏ ਅਤੇ ਲੋਕਾਂ ਨੇ ਚੀਮਾ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਤਾਂ ਗੱਲ ਕਰ ਰਹੀ ਹੈ ਪਰ ਦੂਜੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਿਸਾਨਾਂ ਨੂੰ ਬੇਹਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਸਰਕਾਰ ਅੰਨਦਾਤੇ ਨੂੰ ਮਾਰ ਰਹੀ ਹੈ।