ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਬਿੱਲ ਨੂੰ ਲੈ ਕੇ ਪੰਜਾਬ ਦੇ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਖੇਤੀ ਆਰਡੀਨੈਂਸਾਂ ਦੇ ਵਿਰੋਧ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਮਲੋਹ ਵਿਖੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਬਿੱਲ ਦੇ ਵਿਰੋਧ ਵਿੱਚ 25 ਸਤੰਬਰ ਨੂੰ ਪੰਜਾਬ ਭਰ ਦੇ ਵਿੱਚ ਰੋਡ ਜਾਮ ਕੀਤੇ ਜਾਣਗੇ।
ਇਸੇ ਤਰ੍ਹਾਂ ਹੀ ਅਮਲੋਹ ਦੇ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਡ ਜਾਮ ਕੀਤਾ ਜਾਵੇਗਾ। ਰਾਜੂ ਖੰਨਾ ਨੇ ਕਿਹਾ ਕਿ 25 ਸਤੰਬਰ ਨੂੰ ਮੰਡੀ ਗੋਬਿੰਦਗੜ੍ਹ ਚੌਕ ਅਮਲੋਹ ਵਿਖੇ 11 ਵਜੇ ਤੋਂ 1 ਵਜੇ ਤੱਕ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਵਿੱਚ ਕਿਸਾਨ ਜਥੇਬੰਦੀਆਂ, ਮਜ਼ਦੂਰ, ਆੜ੍ਹਤੀਆਂ, ਵਪਾਰੀਆਂ, ਦੁਕਾਨਦਾਰਾਂ ਵੱਲੋਂ ਹਰ ਕਿਸੇ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ 26 ਸਤੰਬਰ ਤੋਂ ਲੈ ਕੇ 29 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਵੱਲੋਂ ਕੀਤੀਆਂ ਜਾਣਗੀਆਂ।
ਉਨ੍ਹਾਂ ਨੇ ਕਿਹਾ ਕਿ 1 ਅਕਤੂਬਰ ਵਾਲੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਮੁਹਾਲੀ ਦੀ ਦੁਸ਼ਹਿਰਾ ਗਰਾਉਂਡ ਵਿੱਚ ਕੀਤਾ ਜਾਵੇਗਾ ਜਿਸ ਵਿੱਚ ਪੂਰੇ ਪੰਜਾਬ ਤੋਂ ਲੋਕ ਸ਼ਾਮਲ ਹੋਣਗੇ। ਇਸੇ ਦਿਨ ਹੀ ਰਾਜਪਾਲ ਨੂੰ ਇੱਕ ਮੰਗ ਪੱਤਰ ਆਰਡੀਨੈਂਸ ਨੂੰ ਰੱਦ ਕਰਨ ਲਈ ਰਾਸ਼ਟਰਪਤੀ ਦੇ ਨਾਂਅ ਦਿੱਤਾ ਜਾਵੇਗਾ।