ਸ੍ਰੀ ਫ਼ਤਿਹਗੜ੍ਹ ਸਾਹਿਬ: ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਹਮਖਿਆਲੀ ਧਿਰਾਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕਰੇਗੀ। ਇਹ ਐਲਾਨ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼ੁੱਕਰਵਾਰ ਨੂੰ ਬੱਸੀ ਪਠਾਣਾਂ ਵਿਖੇ ਕੀਤਾ। ਉਹ ਇਥੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਤੇ ਵਰਕਰਾਂ ਦਾ ਸਨਮਾਨ ਕਰਨ ਲਈ ਪੁੱਜੇ ਸਨ।
ਅਕਾਲੀ ਦਲ ਡੈਮੋਕ੍ਰੇਟਿਕ ਕਾਂਗਰਸ ਤੇ ਅਕਾਲੀ ਦਲ ਨਾਲ ਕੋਈ ਸਮਝੌਤਾ ਨਹੀਂ ਕਰੇਗਾ : ਢੀਂਡਸਾ ਇਸ ਮੌਕੇ ਉਨ੍ਹਾਂ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਲਖਵੀਰ ਸਿੰਘ ਥਾਬਲਾਂ ਅਤੇ ਜ਼ਿਲ੍ਹਾ ਅਨੁਸ਼ਾਸਨਿਕ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਧਾਲੀਵਾਲ ਸਮੇਤ ਕਈ ਅਕਾਲੀ ਵਰਕਰਾਂ ਨੂੰ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ।
ਢੀਂਡਸਾ ਨੇ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਬਣਾਏ ਜਾਣ 'ਤੇ ਬ੍ਰਹਮਪੁਰਾ ਵੱਲੋਂ ਜਤਾਈ ਜਾ ਰਹੀ ਨਾਰਾਜ਼ਗੀ ਬਾਰੇ ਕਿਹਾ ਕਿ ਉਹ ਪਾਰਟੀ ਬਣਾਉਣ ਤੋਂ ਪਹਿਲਾਂ ਬ੍ਰਹਮਪੁਰਾ ਨੂੰ ਮਿਲ ਕੇ ਆਏ ਸਨ ਅਤੇ ਬ੍ਰਹਮਪੁਰਾ ਵੱਲੋਂ ਉਨ੍ਹਾਂ ਨੂੰ ਪ੍ਰਧਾਨਗੀ ਸੰਭਾਲਣ ਦੀ ਸਲਾਹ ਵੀ ਦਿੱਤੀ ਗਈ ਸੀ, ਪਰ ਉਨ੍ਹਾਂ ਵਰਕਰਾਂ ਦੀ ਸਲਾਹ ਨਾਲ ਅਕਾਲੀ ਦਲ ਡੈਮੋਕ੍ਰੇਟਿਕ ਬਣਾਇਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਵਿੱਚ ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਵੀ ਯੂਨਿਟ ਸਥਾਪਤ ਕਰ ਲਏ ਜਾਣਗੇ ਕਿਉਂਕਿ ਵੱਡੀ ਗਿਣਤੀ ਵਿੱਚ ਸਾਰੀਆਂ ਪਾਰਟੀਆਂ ਦੇ ਆਗੂ ਅਕਾਲੀ ਦਲ ਡੈਮੋਕ੍ਰੇਟਿਕ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਨਵੇਂ ਬਣਾਏ ਗਏ ਅਕਾਲੀ ਦਲ ਪਾਰਟੀ ਵੱਲੋਂ ਸਭ ਤੋਂ ਪਹਿਲਾਂ ਬਾਦਲ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਚੁੰਗਲ ਵਿੱਚੋਂ ਆਜ਼ਾਦ ਕਰਵਾਉਣਾ ਹੈ।
ਸ਼ਰਾਬ ਨਾਲ ਹੋ ਰਹੀਆਂ ਮੌਤਾਂ ਦੇ ਸਬੰਧ ਵਿੱਚ ਸ. ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ।