ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਵਿਡ-19 ਕਾਰਨ ਅੱਜ ਪੂਰੇ ਦੇਸ਼ ਵਿੱਚ 74ਵਾਂ ਆਜ਼ਾਦੀ ਦਿਹਾੜਾ ਬੜੇ ਹੀ ਸਾਦੇ ਢੰਗ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਆਜ਼ਾਦੀ ਦਿਹਾੜੇ ਮੌਕੇ ਸਰਹਿੰਦ ਦੇ ਖੇਡ ਸਟੇਡੀਅਮ ਵਿਖੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੌਮੀ ਝੰਡਾ ਲਹਿਰਾਇਆ। ਦੱਸ ਦੇਈਏ ਕਿ ਖੇਡ ਸਟੇਡੀਅਮ ਵਿੱਚ ਇਸ ਸਾਲ ਆਜ਼ਾਦੀ ਦਿਹਾੜੇ ਮੌਕੇ ਨਾ ਹੀ ਪਰੇਡ ਮਾਰਚ ਹੋਈ ਅਤੇ ਨਾ ਹੀ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ।
ਇਸ ਮੌਕੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਮੁੱਚੇ ਦੇਸ਼ ਵਾਸੀਆਂ ਨੂੰ 74ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ। ਇੱਥੇ ਗੁਰੂ ਗੋਬਿੰਦ ਸਿੰਘ ਦੀ ਛੋਟੇ ਸਾਹਿਬਜਾਦਿਆਂ ਤੇ ਮਾਤਾ ਗੁਜਰੀ ਨੇ ਸ਼ਹਾਦਤ ਦਿੱਤੀ ਸੀ ਜੋ ਕਿ ਸਾਡੇ ਸਾਰਿਆਂ ਲਈ ਮਿਸਾਲ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਲਈ ਸਾਡੀ ਸਰਕਾਰ ਨੇ ਵੱਡੇ ਯਤਨ ਕੀਤੇ ਹਨ। ਸਰਕਾਰ ਨੇ ਸ਼ਹੀਦ ਪਰਿਵਾਰ ਦੇ ਮੈਂਬਰਾਂ ਨੂੰ 50 ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਤੇ ਵਿੱਤੀ ਮਦਦ ਕੀਤੀ ਹੈ।