ਸ੍ਰੀ ਫਤਹਿਗੜ੍ਹ ਸਾਹਿਬ: ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਤੇ ਤਾਲਾਬੰਦੀ ਕਰਕੇ ਲੋਕਾਂ ਦੇ ਕੰਮਕਾਰ ਠੱਪ ਰਹੇ ਜਿਸ ਦਾ ਅਸਰ ਬੱਚਿਆਂ ਦੀ ਪੜ੍ਹਾਈ ਉੱਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਕੰਮ ਕਾਜ ਠੱਪ ਰਹਿਣਾ ਕਰ ਕੇ ਕੋਈ ਪੈਸਾ ਨਹੀਂ ਆਇਆ ਜਿਸ ਕਾਰਨ ਮਾਪੇ ਆਪਣੇ ਬੱਚਿਆਂ ਦੇ ਸਕੂਲ ਦੀਆਂ ਫੀਸਾਂ ਦੇਣ ਤੋਂ ਅਸਮਰੱਥ ਹੋ ਗਏ ਹਨ। ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਫ਼ੀਸਾਂ ਮੁਆਫ਼ ਕਰਵਾਉਣ ਦੀ ਮੰਗ ਨੂੰ ਲੈ ਕੇ ਫ਼ਤਹਿਗੜ੍ਹ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲੇ ਤੇ ਆਪਣਾ ਮੰਗ ਪੱਤਰ ਸੌਂਪਿਆ।
ਤਾਲਾਬੰਦੀ ਦੇ ਮੱਦੇਨਜ਼ਰ ਸਮੁੱਚੇ ਰਾਜ ਵਿੱਚ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਬੰਦ ਕਰ ਦਿੱਤੀਆਂ ਗਈਆਂ ਹਨ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ। ਇਨ੍ਹਾਂ ਛੁੱਟੀਆਂ ਕਾਰਨ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਆਨਲਾਈਨ ਸਟੱਡੀ ਕਰਵਾਉਣ ਦੇ ਨਾਂਅ 'ਤੇ ਵਾਧੂ ਫੀਸਾਂ ਵਸੂਲੇ ਜਾਣ ਦਾ ਵਿਦਿਆਰਥੀਆਂ ਤੇ ਮਾਪਿਆਂ ਵਲੋਂ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਸਬੰਧ ਵਿੱਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਕੁਝ ਵਿਦਿਆਰਥੀਆਂ ਦੇ ਮਾਪਿਆਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਇੱਕ ਮੰਗ ਪੱਤਰ ਦਿੱਤਾ।