Farmer Memorandum to DC: ਕਿਸਾਨਾਂ ਨੇ ਮੀਂਹ ਤੇ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਡੀਸੀ ਨੂੰ ਸੌਂਪਿਆ ਮੰਗ ਪੱਤਰ ਸ੍ਰੀ ਫ਼ਤਿਹਗੜ੍ਹ ਸਾਹਿਬ : ਪੰਜਾਬ ਵਿਚ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਦਿਖਾਈ ਦੇ ਰਹੇ ਹਨ ਕਿਉਂਕਿ ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫਸਲ ਦਾ ਬੇਮੌਸਮੀ ਬਰਸਾਤ ਨੇ ਬਹੁਤ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਹੈ। ਜਿਸ ਦੇ ਲਈ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਤੋਂ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸੇ ਤਹਿਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਲਈ ਡੀਸੀ ਫਤਿਹਗੜ੍ਹ ਸਾਹਿਬ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਉਗਰਾਹਾਂ ਨੇ ਮੀਂਹ ਤੇ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਡੀਸੀ ਨੂੰ ਮੰਗ ਪੱਤਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਕਣਕ ਅਤੇ ਹੋਰ ਫਸਲਾਂ ਦੇ ਹੋਏ ਨੁਕਸਾਨ ਦਾ ਜਲਦੀ ਤੋਂ ਜਲਦੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਵੱਲੋਂ ਦਿੱਤੇ ਮੁਆਵਜ਼ੇ ਨੂੰ ਘੱਟ ਦੱਸਿਆ ਅਤੇ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੇਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ :Farmers on CM Mann's Decision: ਫ਼ਸਲਾਂ ਦੇ ਨੁਕਸਾਨ 'ਤੇ ਸੀਐਮ ਮਾਨ ਦੇ ਐਲਾਨ ਤੋਂ ਨਾਖੁਸ਼ ਕਿਸਾਨ
ਘੱਟੋ-ਘੱਟ 50 ਹਜ਼ਾਰ ਪ੍ਰਤੀ ਏਕੜ ਫਸਲ:ਇਸ ਮੌਕੇ 'ਤੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ। ਕਣਕ, ਸਬਜ਼ੀਆਂ ਅਤੇ ਹਰੇ ਚਾਰੇ ਦੀਆਂ ਫ਼ਸਲਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਪੰਜਾਬ ਦੇ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਹਨ ਅਤੇ ਹੁਣ ਕੁਦਰਤੀ ਆਫਤ ਕਾਰਨ ਕਿਸਾਨ ਹੋਰ ਕਰਜ਼ਈ ਹੋ ਜਾਣਗੇ। ਅੱਜ ਉਨ੍ਹਾਂ ਦੀ ਜਥੇਬੰਦੀ ਨੇ ਡੀਸੀ ਬਰਨਾਲਾ ਨੂੰ ਮਿਲ ਕੇ ਜ਼ਿਲ੍ਹੇ ਭਰ ਦੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਲਦੀ ਤੋਂ ਜਲਦੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਭਗਵਾਨ ਮਾਨ ਵੱਲੋਂ ਕਿਸਾਨਾਂ ਨੂੰ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਐਲਾਨ 'ਤੇ ਕਿਸਾਨ ਆਗੂਆਂ ਨੇ ਕਿਹਾ ਕਿ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਬਹੁਤ ਘੱਟ ਹੈ ਕਿਉਂਕਿ ਕਿਸਾਨਾਂ ਦੀ ਸਾਰੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀ ਹੈ। ਜਿਸ ਕਾਰਨ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਪ੍ਰਤੀ ਏਕੜ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ।
ਫ਼ਸਲ ਦਾ ਵੱਡੇ ਪੱਧਰ ਤੇ ਨੁਕਸਾਨ: ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਇੱਕ ਹਫ਼ਤੇ ਦੇ ਵਿਚ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਗੱਲ ਕੀਤੀ ਗਈ ਹੈ। ਜਿਸ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲੇਗੀ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਝੋਨੇ ਦੀ ਫਸਲ ਚਾਈਨਾ ਵਾਇਰਸ ਦੇ ਕਾਰਨ ਖਰਾਬ ਹੋ ਗਈ ਸੀ ਜਿਸ ਦਾ ਹੁਣ ਤੱਕ ਕੋਈ ਮੁਅਵਜਾ ਨਹੀਂ ਮਿਲਿਆ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਬੇਮੌਸਮੀ ਬਰਸਾਤ ਦੇ ਕਾਰਨ ਆਲੂ ਦੀ ਫ਼ਸਲ ਦਾ ਵੀ ਵੱਡੇ ਪੱਧਰ ਤੇ ਨੁਕਸਾਨ ਹੋਇਆ ਸੀ। ਜਿਸ ਦਾ ਮੁਆਵਜਾ ਕਿਸਾਨ ਸਰਕਾਰ ਹੁਣ ਤੱਕ ਉਡੀਕ ਰਹੇ ਹਨ। ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਨੂੰ ਜਲਦ ਮੁਆਵਜਾ ਦੇਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਹੋ ਸਕੇ।