ਸ੍ਰੀ ਫਤਿਹਗੜ੍ਹ ਸਾਹਿਬ: ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੇ ਵਿੱਚ ਪੰਜਾਬ ਦੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਜਿਸ ਨੂੰ ਸਰਕਾਰ ਬਣਨ ਤੋਂ ਬਾਅਦ ਪੂਰਾ ਕਰਨਾ ਸੀ। ਇਨ੍ਹਾਂ ਵਿੱਚੋਂ ਕੁਝ ਵਾਅਦੇ ਪੂਰੇ ਹੋਏ ਅਤੇ ਕੁਝ ਨਹੀਂ। ਕਾਂਗਰਸ ਸਰਕਾਰ ਦੇ ਤਿੰਨ ਸਾਲ ਪੂਰੇ ਹੋ ਜਾਣ 'ਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਲੋਕਾਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ ਬਹੁਤ ਵਾਅਦੇ ਕੀਤੇ ਸੀ, ਜੋ ਕਿ ਪੂਰੇ ਨਹੀਂ ਕੀਤੇ ਗਏ ਜਿਸ ਕਾਰਨ ਉਹ ਇਸ ਸਰਕਾਰ ਨੂੰ ਫੇਲ੍ਹ ਮੰਨਦੇ ਹਨ।
ਕੈਪਟਨ ਸਰਕਾਰ ਦੇ ਤਿੰਨ ਸਾਲ, ਫੇਲ੍ਹ ਹੋਏ ਜਾਂ ਪਾਸ
16 ਮਾਰਚ 2020 ਨੂੰ ਪੰਜਾਬ ਸਰਕਾਰ ਦੇ 3 ਸਾਲ ਪੂਰੇ ਹੋ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੂਰੇ ਮੰਤਰੀਮੰਡਲ ਦੇ ਨਾਲ ਪੱਤਰਕਾਰ ਮਿਲਣੀ ਕਰਕੇ ਆਪਣੀ ਸਰਕਾਰ ਦੇ ਸੋਹਲੇ ਗਾਏ, ਪਰ ਜਨਤਾ ਦੀ ਅਦਾਲਤ 'ਚ ਕੈਪਟਨ ਸਰਕਾਰ ਪਾਸ ਹੋਈ ਜਾਂ ਫੇਲ੍ਹ, ਸੁਣੋ ਸ੍ਰੀ ਫਤਿਹਗੜ੍ਹ ਸਾਹਿਬ ਵਾਸੀਆਂ ਦੀ ਜ਼ੁਬਾਨੀ...
ਲੋਕਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇੰਡਸਟਰੀ ਨੂੰ ਪੰਜ ਰੁਪਏ ਯੂਨਿਟ ਬਿਜਲੀ ਦੇਣ ਦੀ ਗੱਲ ਆਖੀ ਸੀ ਪਰ ਅਜੇ ਤੱਕ ਨਹੀਂ ਹੋਈ, ਜਿਸ ਦੇ ਨਾਲ ਉਨ੍ਹਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਸਿਹਤ ਸਹੂਲਤਾਂ ਦੀ ਗੱਲ ਕਰਦੇ ਹੋਏ ਲੋਕਾਂ ਦਾ ਕਹਿਣਾ ਸੀ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਵਿੱਚ ਡਾਕਟਰਾਂ ਦੀ ਕਮੀ ਹੈ, ਜਿਸ ਦੇ ਕਾਰਨ ਲੋਕਾਂ ਨੂੰ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈਂਦਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਲਈ ਪ੍ਰਬੰਧ ਕੀਤੇ ਜਾਣ। ਉੱਥੇ ਹੀ ਸਮਾਰਟ ਸਕੂਲਾਂ ਬਾਰੇ ਗੱਲਬਾਤ ਕਰਦੇ ਹੋਏ ਲੋਕਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਸਮਾਰਟ ਸਕੂਲ ਬਣਾਉਣ ਦੀ ਗੱਲ ਆਖ ਰਹੀ ਹੈ ਪਰ ਹਕੀਕਤ ਵਿੱਚ ਅਜਿਹਾ ਕੁਝ ਦੇਖਣ ਨੂੰ ਨਹੀਂ ਮਿਲ ਰਿਹਾ। ਬੱਚੇ ਦੇਸ਼ ਦਾ ਭਵਿੱਖ ਹਨ ਇਸ ਲਈ ਇਨ੍ਹਾਂ ਨੂੰ ਵਧੀਆ ਸਿੱਖਿਆ ਦੇਣ ਦੇ ਲਈ ਸਰਕਾਰ ਨੂੰ ਕੰਮ ਕਰਨੇ ਚਾਹੀਦੇ ਹਨ ਜਿਸ ਤਰ੍ਹਾਂ ਕਿ ਦਿੱਲੀ ਦੇ ਵਿੱਚ ਕੇਜਰੀਵਾਲ ਨੇ ਕੀਤਾ ਹੈ। ਉੱਥੇ ਹੀ ਨੌਜਵਾਨਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੂੰ ਪੜ੍ਹੇ ਲਿਖੇ ਨੌਜਵਾਨਾਂ ਨੂੰ ਨੌਕਰੀ ਦੇਣੀ ਚਾਹੀਦੀ ਹੈ।