ਸ੍ਰੀ ਫਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਿਆ ਗਿਆ ਸਿੱਧੀ ਅਦਾਇਗੀ ਦੇ ਫੈਸਲੇ ਨੂੰ ਲੈ ਕੇ ਆੜ੍ਹਤੀਆਂ ’ਚ ਲਗਾਤਾਰ ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਆੜ੍ਹਤੀਆਂ ਦਾ ਕਹਿਣਾ ਹੈ ਕਿ ਜੇਕਰ ਇਸ ਕਾਨੂੰਨ ਦਾ ਕੋਈ ਹੱਲ ਨਾ ਹੋਇਆ ਤਾਂ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਖਰੀਦ ਨਹੀਂ ਹੋਣ ਦਿੱਤੀ ਜਾਵੇਗੀ। ਇਸ ਸਬੰਧ ਵਿੱਚ ਆੜ੍ਹਤੀ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਜਗਵਿੰਦਰ ਸਿੰਘ ਰੈਹਿਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲ ਦੀ ਸਿੱਧੀ ਅਦਾਇਗੀ ਕਰਨ ਦੀ ਗੱਲ ਆਖੀ ਜਾ ਰਹੀ ਹੈ, ਪਰ ਇਸ ਨਾਲ ਆੜ੍ਹਤੀਆਂ ਅਤੇ ਕਿਸਾਨਾਂ ਦਾ ਰਿਸ਼ਤਾ ਖ਼ਤਮ ਹੋ ਜਾਵੇਗਾ।
ਆੜ੍ਹਤੀ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਜਗਵਿੰਦਰ ਸਿੰਘ ਰੈਹਿਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਿਸ ਤਰ੍ਹਾਂ ਕਿਸਾਨਾਂ ਨਾਲ ਬਿਨਾੰ ਗੱਲ ਕੀਤੇ ਖੇਤੀ ਕਾਨੂੰਨ ਲਾਗੂ ਕੀਤੇ ਉਸੇ ਤਰ੍ਹਾਂ ਹੀ ਕਿਸਾਨਾਂ ਨੂੰ ਫ਼ਸਲ ਦੀ ਸਿੱਧੀ ਅਦਾਇਗੀ ਕਰਨ ਦਾ ਕਾਨੂੰਨ ਵੀ ਲਾਗੂ ਕਰ ਰਹੀ ਹੈ। ਜੋ ਕਿ ਆੜ੍ਹਤੀਆਂ ਨਾਲ ਧੱਕਾ ਹੈ। ਰੈਹਿਲ ਨੇ ਕਿਹਾ ਕਿ ਕਾਨੂੰਨਾਂ ਨੂੰ ਅਪਡੇਟ ਕਰਨ ਦੀ ਜ਼ਰੂਰਤ ਤਾਂ ਹੈ ਪਰ ਉਸਨੂੰ ਲਾਗੂ ਕਰਨ ਤੋਂ ਪਹਿਲਾਂ ਉਸ ਵਰਗ ਨਾਲ ਜੁੜੇ ਹੋਏ ਵਿਅਕਤੀਆਂ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀ ਵੀ ਸੀਜ਼ਨ ਦੌਰਾਨ ਮੰਡੀਆਂ ਵਿੱਚ ਦਿਨ ਰਾਤ ਕੰਮ ਕਰਦੇ ਹਨ। ਇਸ ਲਈ ਉਨ੍ਹਾਂ ਨੂੰ ਵੀ ਪੂਰੀ ਮਿਹਨਤ ਮਿਲਣੀ ਚਾਹੀਦੀ ਹੈ।