ਸ੍ਰੀ ਫ਼ਤਹਿਗੜ੍ਹ ਸਾਹਿਬ: ਪੰਜਾਬ ਵਿੱਚ ਲੋਕਾਂ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਕਬਜ਼ਿਆਂ ਦੇ ਮਾਮਲੇ ਅਕਸਰ ਹੀ ਸੁਣਨ ਨੂੰ ਮਿਲਦੇ ਹਨ। ਅਜਿਹਾ ਇੱਕ ਮਾਮਲਾ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਅਧੀਨ ਪੈਂਦੇ ਪਿੰਡ ਅੰਬੇ ਮਾਜਰਾ ਤੋਂ ਸਾਹਮਣੇ ਆਇਆ ਹੈ। ਜਿਥੇ ਵਾਰਡ ਨੰਬਰ 9 ਦੇ ਟੋਭੇ ਦੀ ਜ਼ਮੀਨ 'ਤੇ ਲੋਕਾਂ ਵਲੋਂ ਨਜਾਇਜ਼ ਕਬਜ਼ੇ ਕਰਦਿਆਂ ਘਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਜਿਸ ਦੀ ਸ਼ਿਕਾਇਤ ਵਜੋਂ ਸਰਬ ਸਾਂਝੀ ਐਕਸ਼ਨ ਕਮੇਟੀ ਵਲੋਂ ਉਸਰੀਆਂ ਨੂੰ ਰੁਕਵਾਉਣ ਲਈ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਨੂੰ ਮੰਗ ਪੱਤਰ ਦਿੱਤਾ ਗਿਆ।
ਇਸ ਸਬੰਧੀ ਸਥਾਨਕ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਟੋਭਾ ਕਰੀਬ 36 ਕਨਾਲ ਵਿੱਚ ਹੈ, ਜਿਥੇ ਲੋਕਾਂ ਵਲੋਂ ਨਜਾਇਜ਼ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਇਸ ਮਾਮਲੇ ਸਬੰਧੀ ਸ਼ਿਕਾਇਤ ਐੱਸਡੀਐੱਮ ਅਮਲੋਹ ਨੂੰ ਦਿੱਤੀ ਗਈ ਸੀ, ਪਰ ਹੁਣ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਨੂੰ ਵੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਟੋਭੇ 'ਤੇ ਕਬਜਾ ਕਰਕੇ ਇਥੇ ਲੋਕਾਂ ਲਈ ਪਾਰਕ ਬਣਾਇਆ ਜਾਵੇ।