ਸ੍ਰੀ ਫਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਹਲਕਾ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਕੁਲਜੀਤ ਨਾਗਰਾ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ 'ਚ ਪਹੁੰਚੇ।
ਪ੍ਰਧਾਨ ਮੰਤਰੀ ਮੋਦੀ ਪੰਜਾਬ ਦੀ ਅੱਗ ਨਾਲ ਖੇਡ ਰਹੇ ਹਨ: ਨਾਗਰਾ ਇਸ ਮੌਕੇ ਗੱਲਬਾਤ ਕਰਦੇ ਹੋਏ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਬਿੱਲ ਜਾਰੀ ਕੀਤੇ ਹਨ, ਉਸ ਦੇ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਵੇਗਾ। ਕੇਂਦਰ ਸਰਕਾਰ ਇਨ੍ਹਾਂ ਬਿੱਲਾਂ ਨੂੰ ਪਾਸ ਕਰ ਕੇ ਵੱਡੇ ਉਦਯੋਗਪਤੀਆਂ ਨੂੰ ਲਾਭ ਦੇਣਾ ਚਾਹੁੰਦੀ ਹੈ।
ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਬਿੱਲ ਦੇ ਵਿੱਚ ਐਸਐਸਪੀ ਦਾ ਕਾਨੂੰਨ ਵੀ ਪਾਸ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੀ ਫਸਲ ਨੂੰ ਐਮਐੱਸਪੀ ਭਾਅ 'ਤੇ ਹੀ ਖ਼ਰੀਦਿਆ ਜਾਵੇ। ਨਾਗਰਾ ਨੇ ਅੱਗੇ ਕਿਹਾ ਕਿ ਜੇਕਰ ਕੋਈ ਐਮਐਸਪੀ ਭਾਅ 'ਤੇ ਨਹੀਂ ਖਰੀਦ ਕਰਦਾ ਤਾਂ ਉਸ 'ਤੇ ਬਣਦੀ ਕਾਨੂੰਨੀ ਕਾਰਵਾਈ ਹੋਵੇ।
ਉੱਥੇ ਹੀ ਰਹਸਿਮਰਤ ਕੌਰ ਬਾਦਲ ਦੇ ਅਸਤੀਫੇ 'ਤੇ ਬੋਲਦੇ ਹੋਏ ਕਿਹਾ ਕਿ ਹਰਸਿਮਰਤ ਬਾਦਲ ਨੇ ਕਿਸਾਨਾਂ ਦੇ ਰੋਹ ਤੋਂ ਡਰ ਕੇ ਅਸਤੀਫਾ ਦਿੱਤਾ ਹੈ ਕਿਉਂਕਿ ਪੰਜਾਬ ਦੇ ਕਿਸਾਨਾਂ ਨੇ ਉਨ੍ਹਾਂ ਨੂੰ ਪਿੰਡਾਂ ਵਿੱਚ ਆਉਣ ਤੋਂ ਰੋਕ ਦਿੱਤਾ ਸੀ। ਹੁਣ ਇਹ ਸਿਆਸੀ ਡਰਾਮਾ ਕਰਨ ਦਾ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਨਾਗਰਾ ਨੇ ਕਿਹਾ ਕਿ ਮੋਦੀ ਪੰਜਾਬ ਦੀ ਅੱਗ ਨਾਲ ਖੇਡ ਰਹੇ ਹਨ, ਜਿਸ ਦਾ ਖਮਿਆਜਾ ਆਉਣ ਵਾਲੇ ਦਿਨਾਂ ਦੇ ਵਿੱਚ ਸਾਹਮਣੇ ਆਵੇਗਾ।