ਸ੍ਰੀ ਫ਼ਤਿਹਗੜ੍ਹ ਸਾਹਿਬ: ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ 'ਤੇ ਜ਼ਿਲ੍ਹਾ ਪ੍ਰਸਾਸਨ ਵੱਲੋਂ ਕੁਸ਼ਟ ਰੋਗ ਦੇ ਖ਼ਾਤਮੇ ਲਈ ਸਪਰਸ਼ ਕੁਸ਼ਟ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਪਰਸ਼ ਕੁਸ਼ਟ ਜਾਗਰੂਕਤਾ ਰੈਲੀ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੀ ਹੋਈ ਜ਼ਿਲ੍ਹਾ ਹਸਪਤਾਲ 'ਚ ਸਮਾਪਤ ਕੀਤੀ।
ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੁਸ਼ਟ ਰੋਗ ਦੇ ਖ਼ਾਤਮੇ ਲਈ ਸਹੁੰ ਵੀ ਚੁਕਾਈ ਤੇ ਉਥੇ ਹੀ ਸਮੂਹ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਨ ਕਰ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਪ੍ਰੇਰਨਾ ਸਰੋਤ ਹਨ। ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਸਦਕਾ ਅਸੀਂ ਸਾਰੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ, ਭਾਈਚਾਰਕ ਸਾਂਝ ਨੂੰ ਮਜ਼ਬੂਤ ਅਤੇ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਕਰ ਸਕਦੇ ਹਾਂ। ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਪੂਰਾ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ।