ਫ਼ਤਹਿਗੜ੍ਹ ਸਾਹਿਬ: ਦੇਸ਼ ਦੇ ਨਾਲ-ਨਾਲ ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ ਤਾਲਾਬੰਦੀ ਦੇ ਚਲਦੇ ਕੰਮ ਕਾਰ ਬੰਦ ਪਏ ਹਨ। ਉਥੇ ਹੀ ਪੰਜਾਬ ਵਿੱਚ ਕਣਕ ਦੀ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ ਜਿਸ ਨੂੰ ਲੈ ਕੇ ਅਨਾਜ ਮੰਡੀਆਂ ਵਿੱਚ ਕਿਸਾਨ, ਆੜ੍ਹਤੀ ਤੇ ਮਜ਼ਦੂਰ ਕੰਮ ਕਰ ਰਹੇ ਹਨ। ਕੋਰੋਨਾ ਵਾਇਰਸ ਦੇ ਹਾਲਾਤਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਉੱਥੇ ਮੌਜੂਦ ਕਿਸਾਨਾਂ ਤੇ ਹੋਰ ਕੰਮ ਕਰ ਰਹੇ ਲੋਕਾਂ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਡਾ. ਰੁਪਿੰਦਰ ਕੌਰ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਦੇਖਦਿਆਂ ਅਨਾਜ ਮੰਡੀ ਅਮਲੋਹ ਵਿੱਚ 60 ਦੇ ਕਰੀਬ ਮਜ਼ਦੂਰਾਂ ਦੀ ਥਰਮਲ ਸਕ੍ਰੀਨਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖੰਘ, ਜੁਕਾਮ ਹੋਣ ਦੀ ਜਾਣਕਾਰੀ ਵੀ ਹਾਸਲ ਕੀਤੀ ਗਈ ਜਿਸ ਦੌਰਾਨ ਸਾਰੇ ਮਜਦੂਰ ਠੀਕ ਪਾਏ ਗਏ, ਕਿਸੇ ਵਿੱਚ ਕੋਰੋਨਾ ਦੇ ਲੱਛਣ ਨਹੀ ਮਿਲੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਮੰਡੀ ਨਾਲ ਸਬੰਧਤ ਮਜ਼ਦੂਰਾਂ ਦੀ ਥਰਮਲ ਸਕ੍ਰੀਨਿੰਗ ਕੀਤੀ ਜਾਵੇਗੀ ਤਾਂ ਕਿ ਕੋਰੋਨਾ ਤੋਂ ਬਚਿਆ ਜਾ ਸਕੇ।