ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾਂ ਸ਼ਹੀਦੀ ਸਭਾ ਦੀ ਸ਼ਨੀਵਾਰ ਨੂੰ ਗੁਰਦੁਆਰਾ ਜੋਤੀ ਸਰੂਪ ਵਿੱਖੇ ਸਮਾਪਤੀ ਹੋ ਗਈ।
ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਸਮਾਪਤੀ ਗੁਰਦੁਆਰਾ ਜੋਤੀ ਸਰੂਪ ਵਿਖੇ ਹੋਈ। ਵਿਸ਼ਾਲ ਨਗਰ ਕੀਰਤਨ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।
ਦੱਸ ਦਈਏ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਵੇਰੇ 09:00 ਵਜੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਇਆ।
ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਦਿੱਤਾ।
ਉਨ੍ਹਾਂ ਨੇ ਸੰਗਤ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਹੋਰ ਸ਼ਹੀਦੀ ਦਿਹਾੜਿਆਂ ਤੋਂ ਸੇਧ ਲੈਣ ਦੀ ਵੀ ਅਪੀਲ ਕੀਤੀ। ਇਸ ਤੋਂ ਪਹਿਲਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਸਾਨੂੰ ਸਿੱਖੀ ਲਈ ਜੂਝਣ ਦਾ ਸੰਦੇਸ਼ ਦਿੰਦੀ ਹੈ।
ਭਾਈ ਲੌਂਗੋਵਾਲ ਨੇ ਸ਼ਹੀਦੀ ਸਭਾ ਮੌਕੇ ਸੰਗਤ ਦੀ ਸਹੂਲਤ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
ਨਗਰ ਕੀਰਤਨ ਵਿੱਚ ਅਸਤਰਾਂ ਤੇ ਸ਼ਸਤਰਾਂ ਨਾਲ ਸਜੇ ਨਿਹੰਗ ਸਿੰਘਾਂ ਦੀਆਂ ਗੱਤਕਾ ਪਾਰਟੀਆਂ, ਰਾਗੀ ਜਥੇ, ਸੇਵਾ ਦਲ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਵੱਖ-ਵੱਖ ਸਕੂਲਾਂ, ਕਾਲਜਾਂ, ਅਕੈਡਮੀਆਂ ਦੇ ਵਿਦਿਆਰਥੀ ਅਤੇ ਗੱਤਕਾ ਪਾਰਟੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।