ਸ੍ਰੀ ਫ਼ਤਹਿਗੜ੍ਹ ਸਾਹਿਬ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਗੁਰੂਘਰ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਕੋਰੋਨਾ ਮਹਾਂਮਾਰੀ ਕਾਰਨ ਭਾਵੇਂ ਸੰਗਤਾਂ ਦੀ ਆਮਦ ਘੱਟ ਰਹੀ ਪਰ ਸੰਗਤਾਂ 'ਚ ਸ਼ਰਧਾ ਅਤੇ ਉਤਸ਼ਾਹ ਜ਼ਰੂਰ ਪਾਇਆ ਗਿਆ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਅਤੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਅਤੇ ਕਈ ਵੱਡੇ ਪ੍ਰੋਗਰਾਮ ਵੀ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਇਨ੍ਹਾਂ ਸਮਾਗਮਾਂ ਦਾ ਵਿਸਥਾਰ ਘਟਾ ਦਿੱਤਾ ਗਿਆ ਹੈ । ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਾਰਾ ਸਾਲ ਗੁਰੂ ਸਾਹਿਬ ਨੂੰ ਸਮਰਪਿਤ ਪ੍ਰੋਗਰਾਮ ਉਲੀਕੇ ਜਾਣਗੇ।