ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਸਤੰਬਰ ਮਹੀਨੇ ਦੇ ਅੰਤ ਤੱਕ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਰਾਹੀਂ ਨਿੱਜੀ ਖੇਤਰ ਵਿੱਚ ਰਾਜ ਭਰ ਦੇ 2.10 ਲੱਖ ਬੇਰੋਜ਼ਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਹਿਕਾਰਤਾ ਵਿਭਾਗ ਸਣੇ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ ਮਾਤਾ ਗੁਜਰੀ ਕਾਲਜ ਵਿਖੇ ਲਗਾਏ ਗਏ, ਮੈਗਾ ਰੁਜ਼ਗਾਰ ਮੇਲੇ ਦੌਰਾਨ ਨੌਕਰੀ ਹਾਸਲ ਕਰਨ ਵਾਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨਿਯੁਕਤੀ ਤੇ ਮੰਨਜ਼ੂਰੀ ਪੱਤਰ ਵੰਡੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮਾਤਾ ਗੁਜਰੀ ਕਾਲਜ ਵਿਖੇ ਲਗਾਏ ਗਏ ਮੈਗਾ ਰੁਜ਼ਗਾਰ ਮੇਲੇ ਦੌਰਾਨ 22 ਤੋਂ ਵੱਧ ਨਾਮੀਂ ਕੰਪਨੀਆਂ ਨੇ ਪੁੱਜ ਕੇ ਬੇਰੁਜ਼ਗਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ। ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਵਿੱਚ ਪੁੱਜ ਕੇ ਰੁਜ਼ਗਾਰ ਹਾਸਲ ਕਰਨ ਦੀ ਅਪੀਲ ਵੀ ਕੀਤੀ।
ਜਸਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਰਾਹੀਂ, ਜਿੱਥੇ ਘਰ-ਘਰ ਨੌਕਰੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਉੱਥੇ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਮੌਕੇ 'ਤੇ ਹੀ ਬਿਨਾਂ ਕਿਸੇ ਦੇਰੀ ਤੋਂ ਕਰਜ਼ੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਕਰਨ ਲਈ ਆਪਣੀ ਰਜਿਸਟਰੇਸ਼ਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵੀ ਕਰਵਾਉਣ ਲਈ ਆਖਿਆ।