ਸ੍ਰੀ ਫਤਿਹਗੜ੍ਹ ਸਾਹਿਬ: ਕਾਂਗਰਸ ਸਰਕਾਰ ਨੇ ਲੋਕਾਂ ਨਾਲ ਵਾਅਦੇ ਕੀਤੇ ਉਹ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਪੂਰੇ ਨਹੀਂ ਹੋਏ, ਜਿਸ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੋਣ ਜਾ ਰਹੇ ਸ਼ੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਸ੍ਰੀ ਫਤਹਿਗੜ੍ਹ ਸਾਹਿਬ ‘ਚ ਇੱਕ ਸਮਾਗਮ ਦੌਰਾਨ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕਾਰਜ ਕਾਲ ਨੂੰ ਚਾਰ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਅਤੇ ਕੈਪਟਨ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਹਿੰਗਾਈ ਦਿਨ ਪਰ ਦਿਨ ਵੱਧਦੀ ਜਾ ਰਹੀ ਹੈ। ਪੈਟਰੋਲ ਤੇ ਡੀਜ਼ਲ ਦੇ ਭਾਅ ਵੱਧ ਰਹੇ ਹਨ, ਜਿਸ ਨਾਲ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਤੇ ਵੈਟ ਜ਼ਿਆਦਾ ਕੀਤਾ ਗਿਆ ਹੈ ਤੇ ਦੂਜਾ ਕੇਂਦਰ ਦੀ ਐਕਸਾਇਜ਼ ਡਿਊਟੀ ਵੀ ਬਹੁਤ ਜਿਆਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਿਥੇ ਐਕਸਾਇਜ਼ ਡਿਊਟੀ ਘੱਟ ਕਰਨੀ ਚਾਹੀਦੀ ਹੈ, ਉਥੇ ਸੂਬਾ ਸਰਕਾਰ ਨੂੰ ਵੀ ਵੈਟ ਘੱਟ ਕਰਨਾ ਚਾਹੀਦਾ ਹੈ ਤਾਂ ਜੋ ਆਮ ਵਰਗ ਨੂੰ ਮਹਿੰਗਾਈ ਤੋਂ ਕੁਝ ਰਾਹਤ ਮਿਲ ਸਕੇ। ਉਥੇ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵੱਡੇ ਆਗੂ ਦੇ ਮੂੰਹ ਤੋਂ ਆਪ ਹੀ ਸੱਚ ਨਿਕਲ ਰਿਹਾ ਹੈ ਕਿ ਕਾਂਗਰਸ ਦਾ ਗ੍ਰਾਫ਼ ਹੇਠਾਂ ਜਾ ਰਿਹਾ ਹੈ।