ਫਾਜ਼ਿਲਕਾ: ਵਜ਼ੀਫਾ ਘੁਟਾਲੇ ਨੂੰ ਲੈ ਕੇ ਪੰਜਾਬ 'ਚ ਸਿਆਸਤ ਜਾਰੀ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 'ਚ ਹੋਏ ਘੁਟਾਲੇ ਨੂੰ ਲੈ ਕੇ ਵਿਰੋਧੀ ਧਿਰਾਂ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਨਜ਼ਰ ਆ ਰਹੀਆਂ ਹਨ। ਇਸੇ ਕੜੀ 'ਚ ਅੱਜ ਫਾਜ਼ਿਲਕਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਫਾਜ਼ਿਲਕਾ: ਵਜ਼ੀਫਾ ਘੁਟਾਲੇ ਨੂੰ ਲੈ ਕੇ 'ਆਪ' ਵਰਕਰਾਂ ਨੇ ਡੀਸੀ ਦਫ਼ਤਰ ਅਗੇ ਲਾਇਆ ਧਰਨਾ ਇਸ ਮਾਮਲੇ 'ਤੇ ਰੋਸ ਮੁਜ਼ਾਹਰਾ ਕਰਨ ਲਈ ਪ੍ਰਦਰਸ਼ਨਕਾਰੀਆਂ ਨੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਕੈਬਿਨੇਟ ਮੰਤਰੀ ਤੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। 'ਆਪ' ਆਗੂਆਂ ਨੇ ਇਸ ਮਾਮਲੇ ਦੇ ਸਬੰਧ 'ਚ ਨਾਇਬ ਤਹਿਸੀਲਦਾਰ ਵਿਜੈ ਬਹਿਲ ਨੂੰ ਮਾਮਲੇ ਦੀ ਨਿਰਪੱਖ ਜਾਂਚ ਸਬੰਧੀ ਮੰਗ ਪੱਤਰ ਵੀ ਸੌਂਪਿਆ ਹੈ।
'ਆਪ' ਆਗੂਆਂ ਨੇ ਕਿਹਾ ਕਿ ਕੈਬਿਨੇਟ ਮੰਤਰੀ ਧਰਮਸੋਤ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਮਿਲਣ ਵਾਲੇ ਵਜ਼ੀਫੇ 'ਚ ਘੁਟਾਲਾ ਕਰਕੇ ਐਸਸੀ ਵਿਦਿਆਰਥੀਆਂ ਨਾਲ ਧੋਖਾ ਕੀਤਾ ਹੈ। ਮੁੱਖ ਮੰਤਰੀ ਨੂੰ ਧਰਮਸੋਤ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕੈਬਿਨੇਟ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਵਜ਼ੀਫੇ ਦੀ 64 ਕਰੋੜ ਦੀ ਰਕਮ ਦਾ ਆਡਿਟ ਕਰਵਾਇਆ ਜਾਣਾ ਚਾਹੀਦਾ ਹੈ।
'ਆਪ' ਆਗੂਆਂ ਨੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਕੈਬਿਨੇਟ ਦੇ ਵਿੱਚੋਂ ਬਰਖ਼ਾਸਤ ਕੀਤਾ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਇਹ ਸੰਘਰਸ਼ ਜਾਰੀ ਰਹੇਗਾ।