ਫਾਜ਼ਿਲਕਾ: ਪੰਜਾਬ 'ਚ ਜਲਦ ਹੀ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਅਕਾਲੀ ਦਲ ਨੇ ਆਪਣੀ ਕਮਰ ਕਸ ਲਈ ਹੈ। ਇੱਕ ਪਾਸੇ ਜਿੱਥੇ ਸੁਖਬੀਰ ਬਾਦਲ ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਤੋਂ ਬਾਅਦ ਲੋਕਾਂ ਦਾ ਧੰਨਵਾਦ ਕਰਦੇ ਹੋਏ ਨਜ਼ਰ ਆਏ, ਉੱਥੇ ਹੀ ਫ਼ਿਰੋਜ਼ਪੁਰ ਹਲਕੇ ਦੇ ਜਲਾਲਾਬਾਦ ਵਿੱਚ ਉਨ੍ਹਾਂ ਨੇ ਲੋਕਾਂ ਤੋਂ ਜ਼ਿਮਨੀ ਚੋਣਾਂ 'ਚ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।
ਸੁਖਬੀਰ ਨੇ ਪਿੰਡ ਗੁਮਾਨੀ ਵਾਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਲੋਕ ਮਿਲਕੇ ਜ਼ਿਮਨੀ ਚੋਣਾਂ 'ਚ ਅਕਾਲੀ ਦਲ ਦੇ ਉਮੀਦਵਾਰ ਨੂੰ ਵੋਟ ਪਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ।
ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਢਾਈ ਸਾਲ ਬੀਤ ਚੁੱਕੇ ਹਨ ਅਤੇ ਜਲਦ ਹੀ ਢਾਈ ਸਾਲ ਹੋਰ ਨਿਕਲ ਜਾਣਗੇ। ਉਨ੍ਹਾਂ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਸਰਕਾਰ ਆਏਗੀ ਤੇ ਉਹ ਸਰਕਾਰ ਵੱਲੋਂ ਬੰਦ ਕੀਤੀ ਗਈਆਂ ਸਾਰੀਆਂ ਸਕੀਮਾਂ ਨੂੰ ਮੁੜ ਤੋਂ ਚਾਲੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਜਲਾਲਾਬਾਦ ਹਲਕੇ ਵਿੱਚ ਜਿਨ੍ਹਾਂ ਗਰੀਬਾਂ ਦੇ ਮਕਾਨ ਕੱਚੇ ਹਨ, ਉਨ੍ਹਾਂ ਨੂੰ ਪੱਕੇ ਮਕਾਨ ਬਣਾਕੇ ਦਿੱਤੇ ਜਾਣਗੇ।
ਸੁਖਬੀਰ ਸਿੰਘ ਬਾਦਲ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਪਾਕਿਸਤਾਨ ਵੱਲੋਂ ਕਰਤਾਰਪੁਰ ਦਰਸ਼ਨ ਲਈ 20 ਡਾਲਰ ਮੰਗੇ ਜਾਣ ਦੀ ਨਿਖੇਧੀ ਕੀਤੀ। ਪੁਲਿਸ ਮੁਲਾਜ਼ਮਾਂ ਦੀ ਆਏ ਦਿਨ ਕੁੱਟ-ਮਾਰ ਹੋਣ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਲੋਕ ਕਾਂਗਰਸ ਸਰਕਾਰ ਤੋਂ ਤੰਗ ਆ ਚੁੱਕੇ ਹਨ, ਲੋਕਾਂ ਦੀ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ, ਇਸ ਲਈ ਲੋਕ ਆਪਣਾ ਗੁੱਸਾ ਕੱਢ ਰਹੇ ਹਨ।