ਫ਼ਾਜ਼ਿਲਕਾ: ਕੋਵਿਡ 19 ਤਹਿਤ ਲੋਕ ਹਿੱਤਾਂ ਨੂੰ ਧਿਆਨ ’ਚ ਰੱਖ ਕੇ ਜ਼ਿਲ੍ਹੇ ਅੰਦਰ ਲਗਾਏ ਕਰਫਿਊ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੁਖਾਵੇਂ ਅਤੇ ਸੁਚਾਰੂ ਢੰਗ ਨਾਲ ਰੋਜ਼ਾਨਾ ਵਰਤੋਂ ’ਚ ਆਉਣ ਵਾਲੀਆਂ ਵਸਤਾਂ ਅਤੇ ਦਵਾਈਆ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ ਕੀਤੀ ਗਈ ਹੈ।
ਇਹ ਕੋਸ਼ਿਸ਼ ਤਾਂ ਕਰਕੇ ਕੀਤੀ ਗਈ ਕਿ ਲੋਕ ਘਰਾਂ ਤੋਂ ਬਾਹਰ ਨਾ ਨਿਕਲਣ, ਉਥੇ ਲੋੜਵੰਦਾਂ ਨੂੰ ਵਧੀਆ ਅਤੇ ਸਾਫ਼ ਸੁਥਰੇ ਢੰਗ ਨਾਲ ਤਿਆਰ ਕੀਤਾ ਭੋਜਨ ਮੁਹੱਈਆ ਕਰਵਾਉਣ ਲਈ ਡੇਰਾ ਬਿਆਸ ਅਤੇ ਹੋਰ ਵੱਖ-ਵੱਖ ਸੰਸਥਾਵਾਂ ਵੱਲੋਂ ਮੋਹਰੀ ਰੋਲ ਅਦਾ ਕੀਤਾ ਜਾ ਰਿਹਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਡੇਰਾ ਬਿਆਸ ਅਤੇ ਹੋਰ ਸੰਸਥਾਵਾਂ ਨਾਲ ਸਲੱਮ ਇਲਾਕੇ ’ਚ ਪਹੁੰਚ ਕੇ ਗਰੀਬ ਲੋਕਾਂ ਨੂੰ 250 ਤੋਂ ਵਧੇਰੇ ਫੂਡ ਪੈਕਟ ਵੰਡਣ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਸੰਧੂ ਨੇ ਮਾਨਵਤਾ ਦੀ ਸੇਵਾ ਲਈ ਪਹਿਲਕਦਮੀ ਕਰਨ ਵਾਲੀ ਡੇਰਾ ਬਿਆਸ ਅਤੇ ਹੋਰ ਵੱਖ ਵੱਖ ਸੰਸਥਾਵਾਂ ਦੀ ਸ਼ਲਾਘਾ ਕੀਤੀ ਅਤੇ ਪੂਰੇ ਜ਼ਿਲ੍ਹੇ ਅੰਦਰ ਇਕਜੁੱਟਤਾ ਨਾਲ ਅਜਿਹੀ ਮੁਹਿੰਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ, ਤਾਂ ਜੋ ਕੋਈ ਵੀ ਗਰੀਬ ਅਤੇ ਲੋੜਵੰਦ ਵਿਅਕਤੀ ਭੁੱਖੇ ਪੇਟ ਨਾ ਰਹੇ।
ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਸ਼ਹਿਰ ਵਿਖੇ ਸਮਾਜਿਕ ਸੰਸਥਾਵਾਂ ਵੱਲੋਂ 3000 ਤੋਂ ਵਧੇਰੇ ਫੂਡ ਪੈਕੇਟ ਵੰਡਣ ਲਈ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵਾ ਲਈ ਕਾਰਜ਼ਸੀਲ ਸੰਸਥਾਵਾਂ ਨੂੰ ਹਰ ਸੰਭਵ ਸਹਿਯੋਗ ਮਿਲੇਗਾ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦਾ ਖ਼ਾਸ ਖਿਆਲ ਰੱਖਦਿਆਂ ਲਗਾਏ ਗਏ ਕਰਫ਼ਿਊ ਦੌਰਾਨ ਲੋੜਵੰਦ ਨਾਗਰਿਕਾਂ ਦੇ ਲਈ ਉਨ੍ਹਾਂ ਦੇ ਦਰਵਾਜਿਆਂ ਤੱਕ ਖ਼ਾਣ-ਪੀਣ ਦੀਆਂ ਘਰੇਲੂ ਵਸਤਾਂ, ਦਵਾਈਆਂ ਤੇ ਹੋਰ ਲੋੜੀਂਦਾ ਸਮਾਨ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਹਾਮਾਰੀ ਤੋਂ ਬਚਾਅ ਲਈ ਆਪਣੇ ਘਰ ਵਿਚ ਰਹਿਣ ਨੂੰ ਹੀ ਤਰਜ਼ੀਹ ਦੇਣ ਅਤੇ ਜੋ ਵੀ ਸਰਕਾਰ ਵਲੋਂ ਹਦਾਇਤਾਂ ਕੀਤੀਆਂ ਗਈਆਂ ਹਨ ਉਨ੍ਹਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਵੱਖ-ਵੱਖ ਸੰਸਥਾਵਾਂ ਲੋੜਵੰਦਾਂ ਤੱਕ ਰਾਸ਼ਨ ਜਾਂ ਫੂਡ ਪੈਕੇਟ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਹਿਯੋਗੀ ਟੀਮਾਂ ਨੂੰ ਨਾਲ ਲੈ ਕੇ ਇਸ ਮੁਹਿੰਮ ਵਿੱਚ ਹਿੱਸਾ ਲੈਣਗੀਆਂ।
ਉਨ੍ਹਾਂ ਕਿਹਾ ਕਿ ਰੇਹੜੀ ਵਾਲੇ ਵਿਅਕਤੀਆਂ ਵਲੋਂ ਭਾਰੀ ਗਿਣਤੀ ਵਿੱਚ ਘਰ-ਘਰ ਜਾ ਕੇ ਫ਼ਲ ਅਤੇ ਸਬਜ਼ੀਆਂ ਦੀ ਸਪਲਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮਜ਼ ਦੀ ਅਗਵਾਈ ਵਿੱਚ ‘ਹੋਮ ਡਿਲੀਵਰੀ’ ਰਾਹੀਂ ਦਵਾਈਆਂ ਵੀ ਸਬੰਧਤ ਘਰਾਂ ਤੱਕ ਪਹੁੰਚਾਈਆਂ ਗਈਆਂ ਹਨ। ਇਸ ਤੋਂ ਇਲਾਵਾ ਉਪਭੋਗਤਾਵਾਂ ਨੂੰ ਘਰੇਲੂ ਗੈਸ ਸਲੰਡਰ ਵੀ ਮੁਹੱਈਆ ਕਰਵਾਏ ਗਏ ਹਨ।