ਨਿਆਂਇਕ ਹਿਰਾਸਤ 'ਚ ਸੁਖਪਾਲ ਖਹਿਰਾ ਫਾਜ਼ਿਲਕਾ/ਜਲਾਲਾਬਾਦ: ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਇੱਕ ਪੁਰਾਣੇ ਮਾਮਲੇ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਜਿਸ ਦੇਚੱਲਦੇ ਅਦਾਲਤ 'ਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। ਜਿਸ ਦੇ ਖ਼ਤਮ ਹੋਣ ਮਗਰੋਂ ਅੱਜ ਸੁਖਪਾਲ ਖਹਿਰਾ ਨੂੰ ਮੁੜ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। (Sukhpal Khaira Arrest Update) ((Sukhpal Khaira)
ਸੁਰੱਖਿਆ ਦੇ ਚੱਲਦੇ ਨਾਭਾ ਜੇਲ੍ਹ ਭੇਜਿਆ: ਦੱਸਿਆ ਜਾ ਰਿਹਾ ਹੈ ਕਿ ਅਦਾਲਤ ਵੱਲੋਂ 14 ਦਿਨ ਦੀ ਨਿਆਂਇਕ ਹਿਰਾਸਤ ਲਈ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿੱਚ ਭੇਜਿਆ ਗਿਆ ਸੀ ਪਰ ਸ੍ਰੀ ਮੁਕਤਸਰ ਸਾਹਿਬ ਵਿਖੇ ਕਰੀਬ 1.30 ਘੰਟਾ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਜੇਲ੍ਹ ਦੇ ਪ੍ਰਸ਼ਾਸਨ ਵੱਲੋਂ ਸੁਖਪਾਲ ਖਹਿਰਾ ਨੂੰ ਨਾਭਾ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਉਧਰ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਖਹਿਰਾ ਦੇ ਸਮਰਥਨ 'ਚ ਅਦਾਲਤ ਦੇ ਬਾਹਰ ਪਹੁੰਚੀ ਤੇ ਇਸ ਦੌਰਾਨ ਕਿਸਾਨ ਜਥੇਬੰਦੀਆਂ ਵੀ ਅਦਾਲਤ ਦੇ ਬਾਹਰ ਸੁਖਪਾਲ ਖਹਿਰਾ ਦੇ ਹੱਕ 'ਚ ਆਈਆਂ।
ਐਸਆਈਟੀ ਨੂੰ ਮਿਲੇ ਖਹਿਰਾ ਖਿਲਾਫ਼ ਸਬੂਤ: ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਐੱਸ.ਆਈ.ਟੀ. ਨੂੰ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੋਈ ਸਬੂਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ 'ਚ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐੱਸ.ਆਈ.ਟੀ. ਨੂੰ ਸਬੂਤ ਮਿਲੇ ਹਨ, ਜੋ ਸੁਖਪਾਲ ਸਿੰਘ ਖਹਿਰਾ ਅਤੇ ਸਮੱਗਲਰ ਗੁਰਦੇਵ ਸਿੰਘ ਵਿਚਕਾਰ ਸੰਬੰਧਾਂ ਦਾ ਪਰਦਾਫਾਸ਼ ਕਰਦੇ ਹਨ। ਖਹਿਰਾ ਨੇ ਗੁਰਦੇਵ ਸਿੰਘ ਦੀ ਮਦਦ ਲਈ ਫਰੀਦਕੋਟ ਦੇ ਆਈਜੀ ਅਤੇ ਫਿਰੋਜ਼ਪੁਰ ਦੇ ਡੀ.ਆਈ.ਜੀ. ਨੂੰ ਫੋਨ ਕੀਤੇ ਸਨ। ਇਹੀ ਕਾਰਨ ਹੈ ਕਿ ਪੁਲਿਸ ਖਹਿਰਾ ਦਾ ਫੋਨ ਬਰਾਮਦ ਕਰਨਾ ਚਾਹੁੰਦੀ ਹੈ ਅਤੇ ਪੁਲਸ ਨੇ ਪਿਛਲੀ ਪੇਸ਼ੀ 'ਚ ਇਸ ਦੇ ਆਧਾਰ 'ਤੇ ਰਿਮਾਂਡ ਵੀ ਹਾਸਲ ਕੀਤਾ ਸੀ।
ਖਹਿਰਾ ਦੇ ਵਕੀਲ ਨੇ ਦਿੱਤੀ ਜਾਣਕਾਰੀ: ਸੁਖਪਾਲ ਖਹਿਰਾ ਦੇ ਵਕੀਲ ਨਿਤਿਨ ਮਿੱਡਾ ਨੇ ਦੱਸਿਆ ਕਿ ਸੁਖਪਾਲ ਖਹਿਰਾ ਨੂੰ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਵਕੀਲ ਨੇ ਦੱਸਿਆ ਕਿ ਅਦਾਲਤ ਨੇ ਪੁਲਿਸ ਨੂੰ ਟਿੱਪਣੀ ਕੀਤੀ ਕਿ ਜਦ ਇੰਨੇ ਪੁਰਾਣੇ ਮਾਮਲੇ ਵਿੱਚ ਸੁਖਪਾਲ ਖਹਿਰਾ ਦਾ ਕੋਈ ਕੁਨੈਕਸ਼ਨ ਜਾਂ ਕਾਲ ਡਿਟੇਲ ਹੱਥ ਨਹੀਂ ਲੱਗੀ ਤਾਂ ਹੁਣ ਪੁਲਿਸ ਰਿਮਾਂਡ ਦੀ ਕੀ ਲੋੜ ਪੈ ਗਈ ਹੈ। ਵਕੀਲ ਨੇ ਦੱਸਿਆ ਕਿ ਹੁਣ ਵੀ ਪੁਲਿਸ ਨੇ ਸੁਖਪਾਲ ਖਹਿਰਾ ਦਾ 7 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਵਲੋਂ ਪੁਲਿਸ ਦੀ ਮੰਗ ਨੂੰ ਨਾ ਮੰਨਦਿਆਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਪਿਤਾ ਦੀ ਪੇਸ਼ੀ ਤੋਂ ਬਾਅਦ ਬੋਲਿਆ ਪੁੱਤ:ਅਦਾਲਤ ਵਿੱਚ ਪੇਸ਼ ਕਰਨ ਤੋ ਬਾਅਦ ਸੁਖਪਾਲ ਖਹਿਰਾ ਦਾ ਬੇਟੇ ਮਹਿਤਾਬ ਸਿੰਘ ਖਹਿਰਾ ਨੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਹਿਲੀ ਜਿੱਤ ਦਰਜ ਕਰ ਲਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੱਚ ਦੀ ਪਹਿਲੀ ਲੜਾਈ ਅਸੀਂ ਜਿੱਤ ਚੁੱਕੇ ਹਾਂ। ਆਪਣੇ ਪਿਤਾ ਦੀ ਗ੍ਰਿਫ਼ਤਾਰੀ ਬਾਰੇ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਤੱਕ 2015 ਦਾ ਕੇਸ ਲੜ ਚੁੱਕੇ ਹਨ ਜਿਸ ਵਿੱਚ ਉਨ੍ਹਾਂ ਦੇ ਪਿਤਾ ਦੀ ਗ੍ਰਿਫ਼ਤਾਰੀ ਹੋਈ ਸੀ ਜਿਸ ਨੂੰ ਉਹ ਜਿੱਤੇ ਸਨ। (Mehtab Singh Khaira)
ਪੁੱਤ ਨੇ ਕਿਹਾ ਪਿਤਾ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼: ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਤਾਬ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਮਾਮਲੇ ਦੀ ਐਫਆਈਆਰ ਮਾਰਚ 2015 ਵਿੱਚ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ 2017 ਵਿੱਚ ਉਸਦੇ ਪਿਤਾ ਦਾ ਨਾਮ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਉਹ ਸੁਪਰੀਮ ਕੋਰਟ ਗਏ। ਸੁਪਰੀਮ ਕੋਰਟ ਨੇ ਸੰਮਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ ਪਰ ਹੁਣ 8 ਸਾਲ ਬਾਅਦ ਜਾਂਚ ਲਈ ਬੁਲਾਇਆ ਗਿਆ ਹੈ। ਮਹਿਤਾਬ ਸਿੰਘ ਖਹਿਰਾ ਨੇ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਅਜਿਹਾ ਅਕਸ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਨ੍ਹਾਂ ਦੇ ਪਿਤਾ ਸੁਖਪਾਲ ਸਿੰਘ ਖਹਿਰਾ ਨਸ਼ਾ ਤਸਕਰ ਹਨ।
ਇਹ ਸੀ ਸਾਰਾ ਮਾਮਲਾ: ਸਾਲ 2015 ਵਿੱਚ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 1 ਕਿਲੋ ਤੋਂ ਵਧੇਰੇ ਹੈਰੋਇਨ, ਸੋਨੇ ਦੇ ਬਿਸਕੁਟ, ਇੱਕ ਦੇਸੀ 315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ। ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ, ਨਿੱਜੀ ਸਹਾਇਕ , ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 31 ਅਕਤੂਬਰ 2017 ਨੂੰ ਫਾਜ਼ਿਲਕਾ ਅਦਾਲਤ ਨੇ ਨੌਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।