ਫਾਜ਼ਿਲਕਾ: ਪੁਲਿਸ ਨੇ ਚੋਰੀ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵੱਖ-ਵੱਖ ਚੋਰ ਗਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ (Gang members arrested) ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਗਏ ਵਿਅਕਤੀਆਂ ਤੋਂ ਇੱਕ ਕਾਰ, ਇੱਕ ਮੋਟਰਸਾਈਕਲ, ਇੱਕ ਕਾਪਾ, ਇੱਕ ਚੇਨ ਅਤੇ ਵੱਖ-ਵੱਖ ਕੰਪਨੀਆਂ ਦੇ 20 ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚੋਂ ਜ਼ਿਆਦਾਤਰ ਮੁਲਜ਼ਮਾਂ ‘ਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।
ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਜਲਾਲਾਬਾਦ ਦੇ ਰਾਮਲੀਲਾ ਚੌਂਕ (Ramlila Chowk, Jalalabad) ਦੇ ਵਿੱਚੋਂ ਦਿਨ-ਦਿਹਾੜੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੇ ਵੱਲੋਂ ਇੱਕ i-20 ਕਾਰ ਨੂੰ ਅਗਵਾ ਕੀਤਾ ਗਿਆ ਸੀ, ਜਿਸ ਵਿੱਚ ਇੱਕ ਔਰਤ ਅਤੇ ਬੱਚਾ ਸਵਾਰ ਸਨ ਅਤੇ ਵਾਰਦਾਤ ਤੋਂ ਬਾਅਦ ਇਨ੍ਹਾਂ ਲੁਟੇਰਿਆਂ ਦਾ ਪਿੱਛਾ ਕਰਦਿਆਂ ਹੋਇਆਂ ਪੁਲਿਸ ਪਾਰਟੀ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀਆਂ ਤੋਂ ਕਾਰ, ਇੱਕ ਚੇਨ ਅਤੇ ਵਾਰਦਾਤ ਵਿੱਚ ਇਸਤੇਮਾਲ ਕੀਤਾ ਹੋਇਆ ਕਾਪਾ ਸਮੇਤ ਗ੍ਰਿਫ਼ਤਾਰ ਕਰ ਲਿਆ।
ਉੱਥੇ ਹੀ ਕਾਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਦੋਸ਼ੀਆਂ ਨੇ ਦੱਸਿਆ ਕਿ ਉਹ ਪਿਛਲੇ 11 ਸਾਲਾਂ ਤੋਂ ਚਿੱਟਾ ਪੀਣ ਦੇ ਆਦੀ ਹਨ ਅਤੇ ਉਨ੍ਹਾਂ ਦੇ ਵੱਲੋਂ ਆਪਣੀ ਮਾਂ ਦਾ ਇਲਾਜ ਕਰਵਾਉਣ ਦੇ ਲਈ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਮੁਲਜ਼ਮਾਂ ਮੁਤਾਬਿਕ ਉਹ ਰੋਜ਼ਾਨਾਂ 2 ਹਜ਼ਾਰ ਰੁਪਏ ਦਾ ਚਿੱਟਾ ਪੀਦੇ ਹਨ।