ਫਾਜ਼ਿਲਕਾ: ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਬਿੱਲ ਦੇ ਨਾਂਅ ਉੱਤੇ ਆਰਡੀਨੈਂਸ 2020 ਲਾਗੂ ਕੀਤਾ ਜਾ ਰਿਹਾ ਹੈ। ਇਸ ਦੇ ਵਿਰੋਧ ਦੇ ਚਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਫਾਜ਼ਿਲਕਾ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਦੇ ਵਿਰੁੱਧ ਮੁਰਦਾਬਾਦ ਦੇ ਨਾਅਰੇ ਲਗਾਏ ਗਏ।
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਸੁਧਾਰ ਬਿੱਲ ਆਰਡੀਨੈਂਸ 2020 ਦੇ ਵਿਰੋਧ ਦੇ ਚਲਦੇ ਉਨ੍ਹਾਂ ਵੱਲੋਂ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਹੈ ਕਿਉਂਕਿ ਸਰਕਾਰ ਵਲੋਂ ਇਸ ਬਿੱਲ ਨੂੰ ਲਿਆ ਕੇ ਮੰਡੀਕਰਨ ਐਕਟ ਖ਼ਤਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਝੋਨੇਂ ਦੀ ਫਸਲ ਉੱਤੇ 53 ਪੈਸੇ ਰੇਟ ਵਧਾ ਕੇ ਕਿਸਾਨਾਂ ਦੇ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਆਉਣ ਨਾਲ ਮੰਡੀਕਰਣ ਬੋਰਡ ਖ਼ਤਮ ਹੋ ਜਾਵੇਗਾ ਜਿਸ ਨਾਲ ਮੰਡੀਕਰਣ ਬੋਰਡ ਦੇ ਮੁਲਾਜ਼ਮ ਖ਼ਤਮ ਹੋ ਜਾਣਗੇ ਅਤੇ ਇਸ ਤੋਂ ਮਾਰਕੀਟ ਕਮੇਟੀਆਂ ਦੀ ਹੱਦ ਪਿੰਡਾਂ ਵਿੱਚੋ ਖ਼ਤਮ ਹੋ ਜਾਵੇਗੀ। ਇਸ ਦੇ ਨਾਲ ਮੰਡੀਕਰਣ ਬੋਰਡ ਵਲੋਂ ਪਿੰਡਾਂ ਨੂੰ ਬਣਾਈਆਂ ਜਾਣ ਵਾਲੀਆਂ ਸੜਕਾਂ ਬਣਨੀਆਂ ਬੰਦ ਹੋ ਜਾਣਗੀਆਂ ਅਤੇ ਇਸ ਬਿੱਲ ਦੇ ਆਉਣ ਨਾਲ ਆੜ੍ਹਤੀ ਅਤੇ ਕਿਸਾਨਾਂ ਦਾ ਰਿਸ਼ਤਾ ਵੀ ਖ਼ਤਮ ਹੋ ਜਾਵੇਗਾ। ਇਸ ਨਾਲ ਲੱਖਾਂ ਆੜ੍ਹਤੀ, ਮੁਨੀਮ ਅਤੇ ਲੱਖਾਂ ਮਜ਼ਦੂਰ ਬੇਰੁਜ਼ਗਾਰ ਹੋ ਜਾਣਗੇ।
ਉਨ੍ਹਾਂ ਨੇ ਅਕਾਲੀ ਦਲ ਵਿਰੁੱਧ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਆਪਣੇ ਆਪ ਨੂੰ ਕਿਸਾਨਾਂ ਦਾ ਹਿਤੈਸ਼ੀ ਕਹਿਣ ਵਾਲੀ ਸ਼੍ਰੋਮਣੀ ਅਕਾਲੀ ਦਲ ਵੀ ਇਸ ਬਿੱਲ ਨੂੰ ਲੈ ਕੇ ਚੁੱਪੀ ਬਣਾਏ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਾਰਟੀ ਦੇ ਮੈਂਬਰ ਜੋ ਕੇਂਦਰ ਸਰਕਾਰ ਵਿੱਚ ਵੱਡੇ ਅਹੁਦਿਆਂ ਉੱਤੇ ਹਨ ਉਹ ਇਸ ਮਾਮਲੇ ਨੂੰ ਲੈ ਕੇ ਕਿਸਾਨਾਂ ਦਾ ਸਾਥ ਨਹੀਂ ਦੇ ਰਹੇ ਜਿਸ ਦਾ ਜਵਾਬ ਜਨਤਾ ਵੱਲੋਂ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਦਿੱਤਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਸਰਕਾਰ ਵੱਲੋਂ ਇਸ ਐਕਟ ਨੂੰ ਵਾਪਸ ਨਹੀਂ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।