ਫਾਜ਼ਿਲਕਾ: ਕੋਰੋਨਾ ਵਾਇਰਸ ਕਾਰਨ ਪੰਜਾਬ ਭਰ ਵਿੱਚ ਕਰਫਿਊ ਲਾਗੂ ਹੈ। ਉਧਰ ਨਸ਼ਾ ਛੜਾਉ ਕੇਂਦਰਾਂ ਵਿੱਚ ਤੈਨਾਤ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚਲੇ ਗਏ ਹਨ। ਇਸ ਦੇ ਚੱਲਦਿਆਂ ਨਸ਼ਾ ਛੜਾਉ ਕੇਂਦਰਾਂ ਵਿੱਚ ਨਸ਼ਾ ਛੱਡਣ ਦੀ ਦਵਾਈ ਲੈਣ ਵਾਲੇ ਲੋਕਾਂ ਨੂੰ ਖਾਸੀ ਪਰੇਸ਼ਾਨੀ ਦਾ ਸਾਹਮਣਾ ਕਰਣਾ ਪੈ ਰਿਹਾ ਹੈ। ਫਾਜ਼ਿਲਕਾ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ਵਿੱਚ ਨਸ਼ਾ ਛੱਡਣ ਵਾਲੇ ਲੋਕ ਨਸ਼ਾ ਛੁੜਾਉ ਕੇਂਦਰਾਂ ਦੇ ਕਰਮਚਾਰੀਆਂ ਦੀ ਹੜਤਾਲ ਦੇ ਚਲਦੇ ਕਾਫ਼ੀ ਪਰੇਸ਼ਾਨ ਦਿਖਾਈ ਦੇ ਰਹੇ ਹਨ।
ਦਵਾਈ ਨਾ ਮਿਲਣ ਕਾਰਨ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਸ਼ਾ ਛੜਾਉ ਕੇਂਦਰਾਂ ਵਿੱਚ ਤੈਨਾਤ ਕਰਮਚਾਰੀਆਂ ਦੇ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾਏ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਆਦੇਸ਼ ਜਾਰੀ ਕੀਤੇ ਗਏ ਸਨ ਕਿ ਦੇਸ਼ ਵਿੱਚ ਫੈਲ ਰਹੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆ ਲਗਾਏ ਗਏ ਲੌਕਡਾਊਨ ਦੌਰਾਨ ਕੋਈ ਕਰਮਚਾਰੀ ਹੜਤਾਲ ਜਾਂ ਨੌਕਰੀ ਛੱਡ ਕੇ ਨਹੀਂ ਜਾ ਸਕਦਾ ਅਤੇ ਜੇਕਰ ਕੋਈ ਕਰਮਚਾਰੀ ਅਜਿਹਾ ਕਰੇਗਾ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਪਰ ਇੱਥੇ ਇਨ੍ਹਾਂ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।