ਫਾਜ਼ਿਲਕਾ: ਜਿੱਥੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਹਾਹਾਕਾਰ ਮਚੀ ਹੋਈ ਹੈ, ਉਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਹਲਕੇ ਦੇ ਕਈ ਪਿੰਡਾਂ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਦਿਨ ਰਾਤ ਲਾਈਟ ਨਾ ਆਉਣ ਕਾਰਨ ਪ੍ਰੇਸ਼ਾਨ ਹਨ। ਇਸ ਦੇ ਚੱਲਦਿਆਂ ਔਰਤਾਂ ਸਮੇਤ ਪਿੰਡ ਵਾਸੀਆਂ ਵਲੋਂ ਖੂਈ ਖੇੜਾ ਬਿਜਲੀ ਦਫ਼ਤਰ ਅੱਗੇ ਧਰਨਾ ਲਗਾ ਦਿੱਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ 'ਚ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਬਿਜਲੀ ਨਹੀਂ ਆ ਰਹੀ। ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਬਿਜਲੀ ਨਾ ਹੋਣ ਕਾਰਨ ਬੱਚਿਆਂ ਨੂੰ ਸਮੱਸਿਆ ਆ ਰਹੀ ਹੈ ਅਤੇ ਨਾਲ ਹੀ ਚਾਰਾ ਕੱਟਣ ਵਾਲੀਆਂ ਮਸ਼ੀਨਾਂ ਵੀ ਬੰਦ ਹੋ ਗਈਆਂ ਹਨ। ਜਿਸ ਕਾਰਨ ਪਸ਼ੂਆਂ ਦਾ ਵੀ ਔਖਾ ਹੋਇਆ ਪਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਕਿ ਜਦੋਂ ਤੱਕ ਬਿਜਲੀ ਸਪਲਾਈ ਬਹਾਲ ਨਹੀਂ ਹੁੰਦੀ ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।