ਫ਼ਿਰੋਜ਼ਪੁਰ:ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿੱਚ ਜ਼ਿਆਦਾਤਰ ਵਿਭਾਗਾਂ ਦੇ ਮੁਲਾਜ਼ਮ ਪੰਜਾਬ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉਤਰੇ ਹੋਏ ਹਨ। ਇਹ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈਕੇ ਕਦੇ ਸੀ ਐੱਮ ਸਿਟੀ ਤੇ ਕਦੇ ਚੰਡੀਗੜ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਦੇ ਨਜ਼ਰ ਆਉਦੇ ਹਨ। ਹੁਣ ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਵੀ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਇੱਕ ਵਾਰ ਫਿਰ ਤੋਂ ਮੋਰਚਾ ਖੋਲ੍ਹਿਆ ਗਿਆ ਹੈ।
ਆਪਣੀਆਂ ਮੰਗਾਂ ਨੂੰ ਲੈਕੇ ਪੀ.ਆਰ.ਟੀ.ਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਤਿੰਨ ਘੰਟੇ ਦਾ ਧਰਨਾ ਦਿੱਤਾ ਗਿਆ। ਜਿਸ ਦੌਰਾਨ ਉਨ੍ਹਾਂ ਨੇ ਬੱਸ ਸਟੈਂਡ ਦੇ ਗੇਟ ਦੇ ਅੱਗੇ ਬੱਸਾਂ ਨੂੰ ਲਗਾ ਕੇ ਆਵਾਜਾਈ ਬੱਸਾਂ ਦੀ ਬੰਦ ਕੀਤੀ ਗਈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ, ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਉਨ੍ਹਾਂ ਨਾਲ ਦੁਰਵਿਵਹਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ, ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨਾਲ ਵਾਅਦਾ ਕੀਤਾ ਸੀ, ਕਿ ਜੇਕਰ 2017 ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਆਵੇਗੀ, ਤਾਂ ਮੈਂ ਪੰਜਾਬ ਕੈਬਨਿਟ ਦੀ ਪਹਿਲੀ ਬੈਠਕ ਵਿੱਚ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਾਂਗਾ।