ਫ਼ਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ (ਬ) ਤੋਂ 2 ਵਾਰ ਸਾਂਸਦ ਅਤੇ 2 ਵਾਰ ਵਿਧਾਇਕ ਰਹਿ ਚੁੱਕੇ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਅਸਤੀਫ਼ਾ ਉਦੋਂ ਚਰਚਾ ਦਾ ਵਿਸ਼ਾ ਬਣ ਗਿਆ ਜਦੋਂ ਥੋੜੀ ਦੇਰ ਬਾਅਦ ਹੀ ਅਕਾਲੀ ਦਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਘੁਬਾਇਆ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਵਿੱਚੋਂ ਕੱਢਿਆ ਗਿਆ ਹੈ।
ਘੁਬਾਇਆ ਨੇ ਦਿੱਤਾ ਅਸਤੀਫ਼ਾ ਜਾਂ ਫਿਰ ਪਾਰਟੀ 'ਚੋਂ ਕੱਢਿਆ?
ਸ਼ੇਰ ਸਿੰਘ ਘੁਬਾਇਆ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ। ਅਸਤੀਫ਼ੇ ਦੀ ਖ਼ਬਰ ਮਗਰੋਂ ਅਕਾਲੀ ਦਲ ਨੇ ਪ੍ਰੈਸ ਨੋਟ ਜਾਰੀ ਕਰਕੇ ਘੁਬਾਇਆ ਨੂੰ ਪਾਰਟੀ ਵਿੱਚੋਂ ਕੱਢਣ ਦੀ ਜਾਣਕਾਰੀ ਦਿੱਤੀ।
ਸ਼ੇਰ ਸਿੰਘ ਘੁਬਾਇਆ ਨੇ ਆਪਣੇ ਅਸਤੀਫ਼ੇ ਵਿੱਚ ਕਿਹਾ ਹੈ ਕਿ ਉਹ ਪਾਰਟੀ ਦੀਆਂ ਗ਼ਲਤ ਨੀਤੀਆਂ ਕਰ ਕੇ ਅਸਤੀਫ਼ਾ ਦੇ ਰਹੇ ਹਨ। ਇਹ ਖ਼ਬਰ ਮੀਡੀਆ ਵਿੱਚ ਜਨਤਕ ਹੁੰਦੇ ਹੀ ਅਕਾਲੀ ਦਲ ਨੇ ਵੀ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਫ਼ਿਰੋਜ਼ਪੁਰ ਤੋਂ ਮੌਜੂਦਾ ਸਾਂਸਦ ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਲੰਮੇ ਸਮੇਂ ਤੋਂ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਬਾਰੇ ਬਿਆਨਬਾਜ਼ੀ ਕਰਦੇ ਆ ਰਹੇ ਸਨ। ਉਨ੍ਹਾਂ ਇਹ ਤੱਕ ਕਹਿ ਦਿੱਤਾ ਸੀ ਉਹ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਪਾਰਟੀ ਵਿੱਚ ਕੋਈ ਵੀ ਚੋਣ ਨਹੀਂ ਲੜਨਗੇ।
ਇਸ ਤੋਂ ਬਾਅਦ ਸੋਮਵਾਰ ਨੂੰ ਸ਼ੇਰ ਸਿੰਘ ਘੁਬਾਇਆ ਨੇ ਆਪਣਾ ਅਸਤੀਫ਼ਾ ਪਾਰਟੀ ਨੂੰ ਭੇਜ ਦਿੱਤਾ। ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਹੈ ਕਿ ਸ਼ੇਰ ਸਿੰਘ ਘੁਬਾਇਆ ਹੁਣ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਸਕਦੇ ਹਨ। ਗ਼ੌਰ ਕਰਨ ਵਾਲੀ ਗੱਲ ਇਹ ਵੀ ਹੈ ਸ਼ੇਰ ਸਿੰਘ ਘੁਬਾਇਆ ਦਾ ਬੇਟਾ ਦਵਿੰਦਰ ਸਿੰਘ ਘੁਬਾਇਆ ਕਾਂਗਰਸ ਪਾਰਟੀ ਤੋਂ ਵਿਧਾਇਕ ਹਨ।