ਫਿਰੋਜ਼ਪੁਰ:ਪੰਜਾਬ ਦੀ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ, ਜਿੱਥੇ ਸ਼ਹੀਦ ਭਗਤ ਸਿੰਘ,ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਦੱਸ ਦਈਏ ਕਿ ਗਗਨ ਅਨਮੋਲ ਮਾਨ ਫਿਰੋਜ਼ਪੁਰ ਵਿਖੇ ਐਂਗਲੋ-ਸਿੱਖ ਵਾਰ ਮੈਮੋਰੀਅਲ ਦਾ ਨੀਂਹ ਪੱਥਰ ਰੱਖਣ ਪਹੁੰਚੇ ਸਨ ਅਤੇ ਇਸ ਦੌਰਾਨ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਅਜਾਇਬ ਘਰ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਮੰਤਰੀ ਨੇ ਕਿਹਾ ਕਿ ਹੁਸੈਨੀਵਾਲਾ ਸ਼ਹੀਦੀ ਅਸਥਾਨ ਸ਼ਹਿਰ ਨੂੰ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਹੋਰ ਵਿਕਸਤ ਕੀਤਾ ਜਾਵੇਗਾ।
ਵਿਰਾਸਤੀ ਮਹੱਤਤਾ ਵਾਲੀਆਂ ਥਾਵਾਂ ਦੇ ਸਰਵਪੱਖੀ ਵਿਕਾਸ: ਦੱਸਣਯੋਗ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਇਤਿਹਾਸਕ ਗੁਰੂਦੁਆਰਾ ਸਾਰ੍ਹਾਗੜ੍ਹੀ, ਸ਼ਹੀਦੀ ਸਮਾਰਕ ਹੂਸੈਨੀਵਾਲਾ ਤੇ ਐਂਗਲੋ ਸਿੱਖ ਵਾਰ ਮੈਮੋਰੀਅਲ 'ਤੇ ਵੱਖ-ਵੱਖ ਵਿਕਾਸ ਪੋ੍ਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਸੱਭ ਤੋਂ ਅਹਿਮ ਪਹਿਲੂ ਇਹ ਹੈ ਕਿ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਸਰਕਾਰ ਨੇ ਸਿੱਖਾਂ ਅਤੇ ਅੰਗਰੇਜਾਂ ਵਿਚਾਲੇ ਜੰਗ ਦੀ ਗਵਾਹ ਧਰਤੀ 'ਐਂਗਲੋ ਸਿੱਖ ਵਾਰ ਮੈਮੋਰੀਅਲ' ਦੀ ਸਾਰ ਲਈ ਹੋਵੇ। ਇਤਿਹਾਸਕ ਅਤੇ ਸੈਰ ਸਪਾਟੇ ਦੀ ਮਹੱਤਤਾ ਵਾਲੇ ਪੋ੍ਜੈਕਟਾਂ ਦੀ ਸ਼ੁਰੂਆਤ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਿਕ ਤੇ ਵਿਰਾਸਤੀ ਮਹੱਤਤਾ ਵਾਲੀਆਂ ਥਾਵਾਂ ਦੇ ਸਰਵਪੱਖੀ ਵਿਕਾਸ ਲਈ ਯੋਜਨਾ ਉਲੀਕੀ ਗਈ ਹੈ ਤਾਂ ਜੋ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੈਲਾਨੀ ਆਕਰਸ਼ਿਤ ਹੋ ਸਕਣ।