ਫ਼ਿਰੋਜ਼ਪੁਰ:ਜ਼ੀਰਾ ਵਿੱਚ ਚੱਲ ਰਹੀ ਸ਼ਰਾਬ ਫੈਕਟਰੀ ਨੂੰ ਲੈਕੇ ਪੰਜਾਬ ਸਰਕਾਰ ਨੂੰ 15 ਕਰੋੜ ਦਾ ਜ਼ੁਰਮਾਨਾ ਲੱਗਾ ਹੈ ਜਿਸ ਦੀ ਰਾਸ਼ੀ ਇਕ ਹਫ਼ਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਅਦਾਲਤ ਵੱਲੋਂ ਦਿੱਤੇ ਗਏ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਵਿੱਚ ਚੱਲ ਰਹੀ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਲੈਕੇ ਅਹਿਮ ਫੈਸਲਾ ਦਿੱਤਾ ਹੈ।
"ਪੰਜਾਬ ਸਰਕਾਰ ਧਰਨਾ ਖ਼ਤਮ ਕਰਵਾਉਣ 'ਚ ਨਾਕਾਮ":ਹਾਈਕੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਧਰਨਾ ਖ਼ਤਮ ਕਰਵਾਉਣ ਵਿੱਚ ਨਾਕਾਮ ਰਹੀ ਹੈ। ਇਸ ਲਈ ਹਾਈਕੋਰਟ ਨੇ ਸਰਕਾਰ ਨੂੰ 15 ਕਰੋੜ ਰੁਪਏ ਜ਼ੁਰਮਾਨਾ ਲਗਾਇਆ ਹੈ ਅਤੇ ਇਕ ਹਫ਼ਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਪਹਿਲਾਂ ਵੀ ਸਰਕਾਰ ਨੂੰ 5 ਕਰੋੜ ਰੁਪਏ ਜੁਰਮਾਨਾ ਲੱਗ ਚੁੱਕਾ ਹੈ। ਇਸ ਤੋਂ ਇਲਾਵਾ ਅਦਾਲਤ ਨੇ ਡੀਸੀ ਫ਼ਿਰੋਜ਼ਪੁਰ ਅਤੇ ਐਸਐਸਪੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਹੈ। ਕੋਰਟ ਨੇ ਕਿਹਾ ਕਿ ਕਿਉਂ ਨਾ ਤੁਹਾਡੇ ਖਿਲਾਫ ਅਦਾਲਤੀ ਹੁਕਮਾਂ ਦੀ ਉਲੰਘਣਾ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ।
"ਧਰਨਾਕਾਰੀਆਂ ਕਰਕੇ ਲੱਗਾ ਪੰਜਾਬ ਸਰਕਾਰ ਨੂੰ ਜੁਰਮਾਨਾ":ਦੂਜੇ ਪਾਸੇ, ਸ਼ਰਾਬ ਫੈਕਟਰੀ ਦੇ ਇੰਚਾਰਜ਼ ਪਵਨ ਬਾਂਸਲ ਨਾਲ ਜਦੋਂ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲਗਾਤਾਰ ਧਰਨਾਕਾਰੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਧਰਨਾ ਚੁੱਕ ਦਿੱਤਾ ਜਾਵੇ, ਪਰ ਵਾਰ ਵਾਰ ਅਪੀਲ ਕਰਨ ਦੇ ਬਾਵਜੂਦ ਵੀ ਧਰਨਾਕਾਰੀਆਂ ਵੱਲੋਂ ਧਰਨਾ ਨਹੀਂ ਚੁੱਕਿਆ ਗਿਆ ਅਤੇ ਇਨ੍ਹਾਂ ਲੋਕਾਂ ਦੀ ਜਿੱਦ ਕਾਰਨ ਪੰਜਾਬ ਸਰਕਾਰ ਨੂੰ ਮਾਨਯੋਗ ਹਾਈਕੋਰਟ ਨੇ ਕਰੋੜਾਂ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ।