ਫਿਰੋਜ਼ਪੁਰ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜਿੱਥੇ ਕੀਤੇ ਵਾਅਦੇ ਪੂਰੇ ਕੀਤੇ ਹਨ ਉੱਥੇ ਪੰਜਾਬ ਦੇ ਹੇਠਲੇ ਵਰਗ ਨੂੰ ਸੁੱਖ ਸਹੂਲਤਾਂ ਦੇਣ ਦੇ ਨਾਲ ਹੀ ਉੱਪਰਲੇ ਵਰਗ ਦੀ ਖੁਸ਼ਹਾਲੀ ਲਈ ਵਿਸ਼ੇਸ਼ ਕਦਮ ਪੁੱਟੇ ਹਨ। ਇਹ ਗੱਲ ਖੇਡ, ਯੁਵਕ ਸੇਵਾਵਾਂ ਅਤੇ ਐੱਨਆਰਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੇ ਨਿੱਜੀ ਹਲਕਾ ਗੁਰੂ ਹਰਸਹਾਏ ਵਿੱਚ ਵਿਚਰਦੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਹੀ।
ਨਿੱਜੀ ਹਲਕਾ ਗੁਰੂ ਹਰਸਹਾਏ ਪਹੁੰਚੇ ਰਾਣਾ ਗੁਰਮੀਤ ਸਿੰਘ ਸੋਢੀ, ਲੋਕਾਂ ਦੀਆਂ ਜਾਣੀਆਂ ਮੁਸ਼ਕਲਾਂ - ਰਾਣਾ ਗੁਰਮੀਤ ਸਿੰਘ ਸੋਢੀ
ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੇ ਨਿੱਜੀ ਹਲਕਾ ਗੁਰੂ ਹਰਸਹਾਏ ਵਿੱਚ ਆਪਣੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਬਖਾਨ ਕੀਤਾ।
ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪਿੰਡ ਜੀਵਾ ਅਰਾਈ ਪੰਚਾਇਤ ਨੂੰ 5 ਲੱਖ 71 ਹਜ਼ਾਰ, ਮੋਹਨ ਕੇ ਹਿਠਾੜ ਗਰਾਮ ਪੰਚਾਇਤ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਪਿੰਡ ਵਾਲਿਆਂ ਨੇ ਕੈਬਨਿਟ ਮੰਤਰੀ ਨੂੰ ਮੁਸ਼ਕਿਲਾਂ ਬਾਰੇ ਵੀ ਜਾਣੂ ਕਰਵਾਇਆ, ਜਿਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਮੌਕੇ 'ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਕਰ ਕੇ ਮੁਸ਼ਕਲਾਂ ਦਾ ਹੱਲ ਕਰਵਾਇਆ।
ਉੱਥੇ ਹੀ ਰਾਣਾ ਸੋਢੀ ਨੇ ਕਿਹਾ ਕਿ ਅੱਜ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਤੋਂ ਇਲਾਵਾ, ਰਾਜ ਦੇ 85 ਪਰਸੈਂਟ ਲੋਕਾਂ ਨੂੰ ਪੰਜ ਲੱਖ ਸਿਹਤ ਬੀਮਾ ਯੋਜਨਾ ਦੇ ਅਧੀਨ ਲਿਆਉਣ, ਬੇਰੁਜ਼ਗਾਰਾਂ ਲਈ ਰੁਜ਼ਗਾਰ ਦਾ ਪ੍ਰਬੰਧ ਕਰਨ, ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਵਿਸ਼ੇਸ਼ ਯੋਜਨਾ ਅਧੀਨ ਸੈਂਕੜੇ ਸਮੱਗਲਰਾਂ ਨੂੰ ਜੇਲ੍ਹਾਂ ਪਿੱਛੇ ਡੱਕਣ ਤੋਂ ਇਲਾਵਾ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਵੱਡੇ ਕਦਮ ਪੁੱਟੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਵੀ ਪੰਜਾਬ ਸਰਕਾਰ ਦੇ ਵਿਸ਼ੇਸ਼ ਯਤਨਾਂ ਦਾ ਹੀ ਸਿੱਟਾ ਹੈ।