ਗੁਰਦਾਸਪੁਰ: ਇੰਡੀਅਨ ਮੈਡੀਕਲ ਕੌਂਸਲ ਦੇ ਸੱਦੇ 'ਤੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨੇ ਇੱਕ ਦਿਨ ਦੀ ਹੜਤਾਲ ਕਰਦੇ ਹੋਏ ਸ਼ੁੱਕਰਵਾਰ ਨੂੰ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਠੱਪ ਰੱਖੀਆਂ। ਡਾਕਟਰਾਂ ਨੇ ਇਹ ਹੜਤਾਲ ਕੇਂਦਰ ਸਰਕਾਰ ਵੱਲੋਂ ਆਯੁਰਵੈਦਿਕ ਡਾਕਟਰਾਂ ਨੂੰ ਸਰਜਰੀ ਕਰਨ ਦੇ ਹੱਕ ਵਿਰੁੱਧ ਕੀਤੀ। ਇਸ ਮੌਕੇ ਡਾਕਟਰਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੀ ਕਿਸਾਨਾਂ ਦੇ ਹੱਕ 'ਚ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰ ਡਾਕਟਰਾਂ ਦੇ ਨਾਲ ਸਮੂਹ ਡਾਕਟਰਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਹੜਤਾਲ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਤੇ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਿਕਸੋਪੈਥੀ ਸਿਸਟਮ ਦੇ ਵਿਰੋਧ ਵਿੱਚ ਕੀਤੀ ਗਈ ਹੈ।
ਬਟਾਲਾ 'ਚ ਡਾਕਟਰਾਂ ਨੇ ਮਿਕਸੋਪੈਥੀ ਪ੍ਰਣਾਲੀ ਦੇ ਵਿਰੋਧ 'ਚ ਕੀਤੀ ਹੜਤਾਲ ਇਸਦੇ ਨਾਲ ਹੀ ਡਾਕਟਰਾਂ ਨੇ ਮਿਕਸੋਪੈਥੀ ਪ੍ਰਣਾਲੀ ਵਿਰੁੱਧ ਰੋਸ ਜ਼ਾਹਰ ਕਰਦਿਆਂ ਬਟਾਲਾ ਵਿਖੇ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਡਾਕਟਰਾਂ ਨੇ ਕਿਹਾ ਕਿ ਜੋ ਆਯੁਰਵੈਦਿਕ ਡਾਕਟਰਾਂ ਨੂੰ ਆਪ੍ਰੇਸ਼ਨ ਕਰਨ ਦੀ ਇਜਾਜ਼ਤ ਸਰਕਾਰ ਵੱਲੋਂ ਦਿਤੀ ਗਈ ਹੈ ਉਹ ਸਹੀ ਫੈਸਲਾ ਨਹੀਂ ਹੈ ਕਿਉਂਕਿ ਇਸ ਪ੍ਰਣਾਲੀ ਬਾਰੇ ਡਾਕਟਰਾਂ ਨੂੰ ਕੋਈ ਟ੍ਰੇਨਿੰਗ ਨਹੀਂ ਦਿੱਤੀ ਗਈ ਹੈ, ਜਿਸ ਨਾਲ ਮਰੀਜ਼ਾਂ ਦਾ ਜਾਨੀ ਨੁਕਸਾਨ ਹੋ ਸਕਦਾ ਹੈ। ਸਰਕਾਰ ਦੇ ਇਨ੍ਹਾਂ ਆਦੇਸ਼ਾਂ ਦਾ ਡਾਕਟਰ ਪੁਰਜ਼ੋਰ ਵਿਰੋਧ ਕਰਦੇ ਹਨ ਅਤੇ ਰੱਦ ਕਰਨ ਦੀ ਮੰਗ ਕਰਦੇ ਹਨ।
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੀ ਹਮਾਇਤ ਕਰਦਿਆਂ ਡਾਕਟਰਾਂ ਨੇ ਕਿਹਾ ਕਿ ਖੇਤੀ ਕਾਨੂੰਨ ਵਿਰੁੱਧ ਅੰਦੋਲਨ ਇਕੱਲੇ ਕਿਸਾਨ ਹੀ ਨਹੀਂ ਸਗੋਂ ਭਾਰਤ ਵਾਸੀਆਂ ਦਾ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਇਸ ਸੰਘਰਸ਼ ਦੀ ਹਮਾਇਤ ਕਰਦੇ ਹਨ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕਰਦੇ ਹਨ ਕਿ ਕਿਸਾਨਾਂ ਦੀਆਂ ਮੰਗਾਂ ਛੇਤੀ ਮੰਨੀਆਂ ਜਾਣ।