ਬਟਾਲਾ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 533ਵੇਂ ਵਿਆਹ ਪੁਰਬ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਭਾਵੇਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਨਗਰ ਕੀਰਤਨ ਉੱਤੇ ਰੋਕ ਲਗਾ ਦਿੱਤੀ ਹੈ, ਪਰ ਇਸ ਸਭ ਦੇ ਬਾਵਜੂਦ ਸੰਗਤ ਵੱਡੀ ਗਿਣਤੀ ਵਿੱਚ ਗੁਰਦੁਆਰਾ ਕੰਧ ਸਾਹਿਬ ਮੱਥਾ ਟੇਕਣ ਆ ਰਹੀ ਹੈ। ਗੁਰਦੁਆਰਾ ਸਾਹਿਬ ਵਿੱਚ ਵਿਆਹ ਸਮਾਗਮ ਸਬੰਧੀ ਸੋਮਵਾਰ ਤੋਂ ਗੁਰਮੀਤ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੁਰਬ ਨੂੰ ਸਾਦੇ ਢੰਗ ਨਾਲ ਮਨਾਇਆ ਜਾਵੇ।
ਇਸ ਸਬੰਧੀ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਦੇ ਮੈਨੇਜਰ ਗੁਰਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਬੇਸ਼ੱਕ ਉਨ੍ਹਾਂ ਨੂੰ ਨਗਰ ਕੀਰਤਨ ਕੱਢਣ ਦੀ ਇਜਾਜ਼ਤ ਨਹੀ ਦਿੱਤੀ, ਪਰ ਉਨ੍ਹਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਮਾਗਮਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ। ਲੋਕ ਵੀ ਪੂਰਾ ਸਾਥ ਦੇ ਰਹੇ ਹਨ ਅਤੇ ਸਮਾਜਿਕ ਦੂਰੀ ਬਣਾ ਕੇ ਦਰਸ਼ਨ ਕਰ ਰਹੇ ਹਨ।