ਗੁਰਦਾਸਪੁਰ: ਕੋਰੋਨਾ ਵਾਇਰਸ ਦੇ ਵਧ ਰਹੇ ਕਹਿਰ ਦੇ ਕਾਰਨ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ ਇਸ ਵਾਇਰਸ ਕਾਰਨ ਹੁਣ ਤੱਕ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਜਿਹੇ ਵਿੱਚ ਨੈਸ਼ਨਲ ਹੈਲਥ ਮਿਸ਼ਨ ਸਿਹਤ ਕਰਮਚਾਰੀਆਂ ਵੱਲੋਂ ਹੜਤਾਲ ਕਰ ਵੈਕਸੀਨੇਸ਼ਨ ਅਤੇ ਕੋਰੋਨਾ ਸੈਂਪਲਿੰਗ ਦਾ ਕੰਮ ਬੰਦ ਕਰਨਾ ਕਾਫ਼ੀ ਚਿੰਤਾ ਦਾ ਵਿਸ਼ਾ ਹੈ। ਜੇਕਰ ਇਹ ਹੜਤਾਲ ਇਸੇ ਤਰ੍ਹਾਂ ਜਾਰੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਹਾਲਾਤ ਹੋਰ ਵੀ ਜਿਆਦਾ ਵਿਗੜ ਸਕਦੇ ਹਨ। ਹੜਤਾਲ ’ਤੇ ਗਏ ਸਿਹਤ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਿਹਤ ਵਿਭਾਗ ਵਿੱਚ ਕੰਮ ਕਰਦਿਆਂ 10 ਤੋਂ 15 ਸਾਲ ਹੋ ਚੁੱਕੇ ਹਨ ਪਰ ਉਨ੍ਹਾਂ ਨੂੰ ਵਿਭਾਗ ਵਿੱਚ ਪੱਕਾ ਨਹੀਂ ਕੀਤਾ ਗਿਆ ਅਤੇ ਘੱਟ ਤਨਖਾਹਾਂ ’ਤੇ ਵੱਧ ਕੰਮ ਲਿਆ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੇ ਮਜਬੂਰਨ ਹੜਤਾਲ ਕਰਨੀ ਪਈ।
ਵਿਭਾਗ ’ਚ ਪੱਕਾ ਨਹੀਂ ਕੀਤਾ ਗਿਆ- ਕਰਮਚਾਰੀ
ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਸਿਹਤ ਵਿਭਾਗ ਵਿੱਚ ਆਊਟਸੋਰਸਿੰਗ ’ਤੇ ਕੰਮ ਕਰ ਰਹੇ ਹਨ ਜਿਨ੍ਹਾਂ ਦੇ ਕੋਲੋਂ ਘੱਟ ਤਨਖਾਹਾਂ ’ਤੇ ਵੱਧ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਕਈ ਵਾਰ ਗੁਹਾਰ ਲਗਾਈ ਹੈ ਕਿ ਉਨ੍ਹਾਂ ਨੂੰ ਵਿਭਾਗ ਵਿੱਚ ਪੱਕਾ ਕੀਤਾ ਜਾਵੇ ਪਰ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਵਿਭਾਗ ਵਿੱਚ ਪੱਕਾ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।