ਗੁਰਦਾਸਪੁਰ: ਆਏ ਦਿਨ ਹੀ ਕਿਸਾਨਾਂ ਨੂੰ ਮੌਸਮ ਦੀ ਮਾਰ ਝੱਲਣੀ ਪੈਂਦੀ ਹੈ। ਬਰਸਾਤੀ ਮੌਸਮ ਦੇ ਸ਼ੁਰੂ ਹੁੰਦਿਆਂ ਹੀ ਕਿਸਾਨਾਂ ਨੂੰ ਕਦੇ ਹੜ੍ਹ ਅਤੇ ਕਦੇ ਖੋਰੇ ਦਾ ਡਰ ਸਤਾਉਣਾ ਸ਼ੁਰੂ ਕਰ ਦਿੰਦਾ ਹੈ।
ਕਦੇ ਮੀਂਹ, ਕਦੇ ਗੜੇ, ਕਦੇ ਖੋਰਾ, ਕਿਸਾਨ ਜਾਵੇ ਤਾਂ ਕਿੱਥੇ ਜਾਵੇ.... ਗੁਰਦਾਸਪੁਰ ਦੇ ਕਸਬਾ ਮਕੌੜਾ ਪੱਤਣ ਵਿਖੇ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਨਾਲ ਇਸ ਦੇ ਨਾਲ ਲੱਗਦੇ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਜ਼ਮੀਨਾਂ ਨੂੰ ਖੋਰਾ ਲੱਗਣਾ ਸ਼ੁਰੂ ਹੋ ਗਿਆ ਹੈ। ਇਸ ਨੂੰ ਲੈ ਕੇ ਕਿਸਾਨ ਕਾਫ਼ੀ ਚਿੰਤਾ ਵਿੱਚ ਹਨ, ਪਰ ਨਹਿਰੀ ਵਿਭਾਗ ਹਾਲੇ ਵੀ ਸਰਕਾਰ ਦੇ ਫੰਡਾਂ ਦੀ ਉਡੀਕ ਕਰ ਰਿਹਾ ਹੈ ਅਤੇ ਫੰਡ ਆਉਣ ਉੱਤੇ ਹੀ ਕੰਮ ਸ਼ੁਰੂ ਕਰਨ ਦੀ ਗੱਲ ਕਹਿ ਰਿਹਾ ਹੈ।
ਇਸ ਸਬੰਧੀ ਕਿਸਾਨ ਆਗੂ ਜਗਤਾਰ ਸਿੰਘ ਦਾਰਾ ਨੇ ਦੱਸਿਆ ਕਿ ਮਕੌੜਾ ਪੱਤਣ ਦੇ ਰਾਵੀ ਦਰਿਆ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਜ਼ਮੀਨ ਲੱਗਦੀ ਹੈ। ਬਰਸਾਤੀ ਮੌਸਮ ਹੋਣ ਕਰ ਕੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖੋਰਾ ਲੱਗਣਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਕਿਸਾਨਾਂ ਦੀ ਜ਼ਮੀਨ ਦਰਿਆ ਵਿੱਚ ਰੁੜ੍ਹ ਗਈ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਹੈ। ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਿਸਾਨ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਮਾਰਾਂ ਨੂੰ ਝੱਲ ਰਿਹਾ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਲਦ ਹੀ ਇਸ ਦਾ ਕੋਈ ਹੱਲ ਕਰਨਾ ਚਾਹੀਦਾ ਹੈ।
ਇਸ ਮਾਮਲੇ ਸਬੰਧੀ ਜਦੋਂ ਪੱਤਰਕਾਰਾਂ ਨੇ ਨਹਿਰੀ ਵਿਭਾਗ ਦੇ ਐਸ.ਡੀ.ਓ ਅਜੇ ਕੁਮਾਰ ਗੁਪਤਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਜੋ ਵੀ ਫੰਡ ਸੀ ਉਸ ਦੀ ਵਰਤੋਂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਕੌੜਾ ਪੱਤਣ ਦੇ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵੱਧਣ ਨਾਲ ਕਿਸਾਨਾਂ ਨੂੰ ਕੁੱਝ ਮੁਸ਼ਕਿਲਾਂ ਆ ਰਹੀਆਂ ਹਨ, ਉਸ ਦਾ ਐਸਟੀਮੇਟ ਬਣਾ ਕੇ ਭੇਜ ਦਿੱਤਾ ਹੈ ਅਤੇ ਫੰਡ ਆਉਣ ਤੋਂ ਬਾਅਦ ਹੀ ਕੰਮ ਸ਼ੁਰੂ ਹੋ ਸਕੇਗਾ।