ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਹਿਯੋਗ ਨਾਲ 27 ਫਰਵਰੀ ਤੋਂ 2 ਮਾਰਚ ਤੱਕ ਬਟਾਲਾ ਦੇ ਪੁੱਡਾ ਮੈਦਾਨ ਵਿਖੇ ਕਰਵਾਈ ਜਾ ਰਹੀ ਹੈ। ਇਸ ਪਸ਼ੂ ਧੰਨ ਚੈਂਪੀਅਨਸ਼ਿਪ ਵਿੱਚ ਦੁੱਧ ਚੋਆਈ ਅਤੇ ਨਸਲ ਦੇ ਮੁਕਾਬਲਿਆਂ ਵਿੱਚ ਜੇਤੂ ਜਾਨਵਰਾਂ ਦੇ ਮਾਲਕਾਂ ਨੂੰ 2 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।
ਰਾਸ਼ਟਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਬਟਾਲਾ ਵਿਖੇ 27 ਫਰਵਰੀ ਤੋਂ 2 ਮਾਰਚ ਤੱਕ ਇਸ ਚੈਂਪੀਅਨਸ਼ਿਪ ਬਾਰੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਸਕੱਤਰ ਰਾਜ ਕਮਲ ਚੌਧਰੀ ਨੇ ਬਟਾਲਾ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਵੀ ਕੀਤੀ।
ਇਹ ਵੀ ਪੜ੍ਹੋ: ਸ਼ਾਹੀਨ ਬਾਗ 'ਚੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਮੰਗ 'ਤੇ SC ਅੱਜ ਕਰੇਗੀ ਸੁਣਵਾਈ
ਸਕੱਤਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਮਿਲ ਕੇ ਕਿਸਾਨਾਂ, ਪਸ਼ੂਧਨ ਮਾਲਕਾਂ, ਵੈਟਰਨਰੀਜ, ਪੋਸ਼ਣ ਮਾਹਰ ਅਤੇ ਫੂਡ ਪ੍ਰੋਸੈਸਿੰਗ ਅਤੇ ਐਗਰੀ ਸਾਇੰਸ ਤੋਂ ਵੱਖ-ਵੱਖ ਭਾਈਵਾਲਾਂ ਲਈ ਬਟਾਲਾ ਵਿਖੇ ਇਸ ਵਿਸ਼ਾਲ ਸਮਾਰੋਹ ਦੇ 11ਵੇਂ ਅਡੀਸ਼ਨ ਦਾ ਆਯੋਜਨ ਕਰ ਰਹੇ ਹਨ। ਉਨਾਂ ਕਿਹਾ ਕਿ ਸਮਾਗਮ ਦੌਰਾਨ ਸਾਰਿਆਂ ਲਈ ਵਧੇਰੇ ਉਤਪਾਦਕਤਾ, ਮੁਨਾਫ਼ਾ ਪ੍ਰਾਪਤ ਕਰਨ ਦੇ ਤਰੀਕਿਆਂ ਅਤੇ ਸਾਧਨਾਂ ‘ਤੇ ਧਿਆਨ ਕੇਂਦਰਤ ਕੀਤਾ ਜਾਵੇਗਾ।